ਡੀ.ਆਈ.ਜੀ ਅਸ਼ਵਨੀ ਕਪੂਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ

ਅਪੀਲ, ਤੁਸੀਂ ਇਤਲਾਹ ਦਿਓ, ਕਾਰਵਾਈ ਅਸੀਂ ਕਰਾਂਗੇ – ਅਸ਼ਵਨੀ ਕਪੂਰ
ਨਸ਼ਿਆਂ ਖਿਲਾਫ ਜੰਗ ਵਿੱਚ ਸਰਗਰਮ ਯੋਗਦਾਨ ਪਾਉਣ ਵਾਲਿਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ
ਪੰਚਾਇਤਾਂ, ਪਿੰਡ ਸੁਰੱਖਿਆ ਕਮੇਟੀਆਂ, ਨੌਜ਼ਵਾਨਾਂ ਅਤੇ ਵਿਦਿਆਰਥੀਆਂ ਨੇ ਇਕਜੁੱਟਤਾ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ
ਬਾਘਾਪੁਰਾਣਾ ਵਿਖੇ ਪੰਚਾਇਤਾਂ, ਪਿੰਡ ਸੁਰੱਖਿਆ ਕਮੇਟੀਆਂ, ਨੌਜ਼ਵਾਨਾਂ ਅਤੇ ਵਿਦਿਆਰਥੀਆਂ ਨਾਲ ਭਰਵੀਂ ਮੀਟਿੰਗ

जालंधर (ब्यूरो) ਮੋਗਾ (ਕਮਲ) :- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਤੇ ਪ੍ਰਸ਼ਾਸਨ ਵਲੋਂ ਆਰੰਭ ਕੀਤੀ ਗਈ ਮੁਹਿੰਮ ਨੂੰ ਜ਼ਿਲ੍ਹਾ ਮੋਗਾ ਵਿੱਚ ਸਫਲ ਬਣਾਉਣ ਦਾ ਸੱਦਾ ਦਿੰਦਿਆਂ ਡੀ.ਆਈ.ਜੀ ਫ਼ਰੀਦਕੋਟ ਰੇਂਜ ਅਸ਼ਵਨੀ ਕਪੂਰ ਨੇ ਕਿਹਾ ਹੈ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਅੱਜ ਸਥਾਨਕ ਮੈਰਿਜ ਪੈਲੇਸ ਵਿਖੇ ਰੱਖੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡੀ.ਆਈ.ਜੀ ਨੇ ਕਿਹਾ ਕਿ ਇਹ ਮਹਿਜ਼ ਇੱਕ ਪ੍ਰੋਗਰਾਮ ਨਹੀਂ ਬਲਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਹੈ ਜਿਸ ਵਿੱਚ ਹਰ ਵਰਗ ਨੂੰ ਸ਼ਾਮਿਲ ਕਰਨ ਦਾ ਮੁੱਖ ਮਕਸਦ ਇਸ ਸਮਾਜਿਕ ਬੁਰਾਈ ਦਾ ਰਲਮਿਲ ਕੇ ਖਾਤਮਾ ਕਰਨਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਣੇ ਨਿੱਜੀ ਸਵਾਰਥਾਂ ਲਈ ਭੋਲੇ ਭਾਲੇ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਕਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਤੁਸੀਂ ਇਤਲਾਹ ਪੁਲਿਸ ਨੂੰ ਜਰੂਰ ਦਿਓ ਪੁਲਿਸ ਵੱਲੋਂ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।

ਡੀ ਆਈ ਜੀ ਨੇ ਕਿਹਾ ਕਿ ਹਰ ਪਿੰਡ ਅਤੇ ਸ਼ਹਿਰ ਵਿੱਚ ਪੁਲਿਸ ਜਨਤਕ ਸਹਿਯੋਗ ਦੇ ਨਾਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦੇ ਹਨ ਉਨ੍ਹਾਂ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਨਸ਼ਾ ਤਸਕਰ ਦੀ ਮਦਦ ਕਰਦਾ ਪਾਇਆ ਜਾਵੇਗਾ ਤਾਂ ਉਸ ਵਿਰੁੱਧ ਕੇਸ ਦਰਜ ਕਰਨ ਦੇ ਨਾਲ ਨਾਲ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗਠਿਤ ਕਮੇਟੀਆਂ ਵਲੋਂ ਜਦੋ ਵੀ ਕਿਸੇ ਪਿੰਡ ਜਾਂ ਮੁਹੱਲੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਤਾਂ ਇਸ ਦੀ ਪੜਤਾਲ ਕਰਨ ਮਗਰੋਂ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਫਿਰ ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ ਵਿਸ਼ੇਸ ਗਰਾਂਟ ਜਾਰੀ ਕਾਰਵਾਈ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸ਼ਾਨਦਾਰ ਉਪਰਾਲੇ ਕਰਨ ਵਾਲਿਆਂ ਨੂੰ ਪੰਜਾਬ ਪੁਲਿਸ ਵੱਲੋਂ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਨੇ ਕਿਹਾ ਕਿ ਜਿਹੜੇ ਵੀ ਨਾਗਰਿਕ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਲਗਾਤਾਰ ਜਾਰੀ ਰੱਖੀ ਜਾਵੇਗੀ ਜਿਸ ਦੇ ਜਲਦ ਹੀ ਸਾਰਥਕ ਨਤੀਜੇ ਸਾਹਮਣੇ ਆਉਣਗੇ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਸਾਨਾਂ ਨੂੰ ਇਸ ਵਾਰ ਝੋਨੇ ਦੀ ਪਰਾਲੀ ਵੀ ਨਾ ਸਾੜਨ ਦੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਆਪਣੇ ਘਰਾਂ, ਪਰਿਵਾਰਾਂ, ਦੋਸਤਾਂ, ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਮਿਥ ਕੇ ਪੂਰੀ ਤਨਦੇਹੀ ਨਾਲ ਉਪਰਾਲੇ ਕਰਨ ਦੀ ਲੋੜ ਹੈ ਤਾਂ ਜੋ ਇਸ ਕੋਹੜ ਦਾ ਸਫਾਇਆ ਕੀਤਾ ਜਾ ਸਕੇ। ਮੀਟਿੰਗ ਦੌਰਾਨ ਹਾਜ਼ਰ ਪੰਚਾਇਤਾਂ, ਪਿੰਡ ਸੁਰੱਖਿਆ ਕਮੇਟੀਆਂ, ਨੌਜ਼ਵਾਨਾਂ ਅਤੇ ਵਿਦਿਆਰਥੀਆਂ ਨੇ ਇਕਜੁੱਟਤਾ ਨਾਲ ਸਰਗਰਮ ਮਦਦ ਕਰਨ ਦਾ ਵਿਸ਼ਵਾਸ ਦਿਵਾਇਆ। ਸਮਾਗਮ ਦੌਰਾਨ ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਅਰੋੜਾ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।

Check Also

ਸਾਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ – ਵਧੀਕ ਡਿਪਟੀ ਕਮਿਸ਼ਨਰ (ਜ)

ਸਰਕਾਰੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨੇ ਚਾਹੀਦੇ …

Leave a Reply

Your email address will not be published. Required fields are marked *