ਵੋਟਾਂ ਬਣਾਉਣ ਲਈ ਦਾਅਵੇ ਅਤੇ ਇਤਰਾਜ 28 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ
9, 10 ਤੇ 23,24 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫ਼ਸਰ
ਮੋਗਾ (ਕਮਲ) :- ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2025 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਵੋਟਾਂ ਬਣਾਉਣ ਸਬੰਧੀ ਦਾਅਵੇ ਅਤੇ ਇਤਰਾਜ 28.11.2024 ਤੱਕ ਪ੍ਰਾਪਤ ਕੀਤੇ ਜਾਣੇ ਹਨ। ਇਨ੍ਹਾਂ ਮਿਤੀਆਂ ਦੌਰਾਨ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਕੈਂਪ ਮਿਤੀ 9.11.2024 (ਸ਼ਨੀਵਾਰ), 10.11.2024 (ਐਤਵਾਰ) ਅਤੇ 23.11.2024 (ਸ਼ਨੀਵਾਰ), 24.11.2024 (ਐਤਵਾਰ) ਨੂੰ ਲਗਾਏ ਜਾਣੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਪੈਸ਼ਲ ਕੈਂਪਾ ਦੌਰਾਨ ਬੀ.ਐਲ.ਓਜ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠਣਗੇ ਅਤੇ ਆਮ ਜਨਤਾ ਤੋਂ ਫਾਰਮ ਪ੍ਰਾਪਤ ਕਰਨਗੇ। ਇਨ੍ਹਾਂ ਮਿਤੀਆਂ ਨੂੰ ਪੋਲਿੰਗ ਸਟੇਸ਼ਨ ਤੇ ਜਾ ਕੇ ਬੂਥ ਲੈਵਲ ਅਫਸਰ ਪਾਸ ਵੋਟ ਬਣਾਉਣ ਲਈ ਫਾਰਮ ਨੰਬਰ 6 ਅਤੇ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਜਾਂ ਰਿਹਾਇਸ ਬਦਲਣ ਕਾਰਨ ਇੱਕ ਥਾਂ ਤੋਂ ਦੂਸਰੀ ਥਾਂ ਤੇ ਵੋਟ ਟਰਾਂਸਫਰ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀ ਵੈੱਬਸਾਈਟ www.voters.eci.gov.in ਅਤੇ ਗੂਗਲ ਪਲੇ ਸਟੋਰ ਤੋਂ ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰਕੇ ਵੀ ਇਹ ਫਾਰਮ ਆਨਲਾਈਨ ਭਰਿਆ ਜਾ ਸਕਦਾ ਹੈ। ਜੇਕਰ ਫਿਰ ਵੀ ਕਿਸੇ ਕਿਸਮ ਦੀ ਪਰੇਸ਼ਾਨੀ ਆਉਂਦੀ ਹੈ ਤਾਂ 1950 ਟੋਲ ਫ੍ਰੀ ਨੰਬਰ ਤੇ ਮੁਫਤ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਹਨਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣੀ ਵੋਟ ਇੱਕ ਥਾਂ ਤੇ ਹੀ ਬਣਵਾਉਣ ਜੇਕਰ ਕੋਈ ਵੋਟਰ ਆਪਣੀ ਵੋਟ ਇੱਕ ਤੋਂ ਵੱਧ ਜਗਾ ਤੇ ਬਣਵਾਉਂਦਾ ਹੈ ਤਾਂ ਉਸ ਤੇ ਲੋਕ ਪ੍ਰਤੀਨਿਧਤਾ ਐਕਟ 1950 ਦੀ ਧਾਰਾ 31 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾਵੇ ਅਤੇ ਜਿਨ੍ਹਾਂ ਨਾਗਰਿਕਾਂ ਦੀਆਂ ਵੋਟਾਂ ਅਜੇ ਤੱਕ ਨਹੀਂ ਬਣੀਆਂ ਅਤੇ ਉਹ ਮਿਤੀ 01.01.2025 ਨੂੰ 18 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਹੋ ਜਾਣਗੇ, ਉਹ ਆਪਣੀ ਵੋਟ ਜਰੂਰ ਬਣਵਾਉਣ ਅਤੇ ਮਜਬੂਤ ਲੋਕਤੰਤਰ ਦੇ ਭਾਗੀਦਾਰ ਬਣਨ।