ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ
ਵਾਤਾਵਰਨ ਪੱਖੀ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਹੱਲਾਸ਼ੇਰੀ
ਮੋਗਾ (ਕਮਲ) :- ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਖੁਦ ਖੇਤਾਂ ਦਾ ਦੌਰਾ ਕੀਤਾ। ਉਹਨਾਂ ਬਾਘਾਪੁਰਾਣਾ ਬਲਾਕ ਦੇ ਕਿਸਾਨ ਜਿਹੜੇ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਪੱਖੀ ਖੇਤੀਬਾੜੀ ਕਰ ਰਹੇ ਹਨ ਉਹਨਾਂ ਨੂੰ ਸਨਮਾਨਿਤ ਕਰਕੇ ਹੱਲਾਸ਼ੇਰੀ ਦਿੱਤੀ ਅਤੇ ਕਿਹਾ ਕਿ ਉਹ ਵਾਤਾਵਰਨ ਸ਼ੁੱਧਤਾ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਦੇ ਰਹੇ ਹਨ। ਇਸ ਮੌਕੇ ਜਸਵਿੰਦਰ ਸਿੰਘ ਐਸ ਐਚ ਓ ਬਾਘਾਪੁਰਾਣਾ, ਜਗਮੋਹਨ ਸਿੰਘ ਕਲੱਸਟਰ ਅਫ਼ਸਰ ਬਾਘਾਪੁਰਾਣਾ, ਮਨਪ੍ਰੀਤ ਸਿੰਘ ਨੋਡਲ ਅਫ਼ਸਰ ਅਤੇ ਕਿਸਾਨ ਮੌਜੂਦ ਸਨ। ਉਹਨਾਂ ਦੱਸਿਆ ਕਿ ਅਜਿਹੇ ਕਿਸਾਨ ਜਿਹੜੇ ਵਾਤਾਵਰਨ ਨੂੰ ਪਿਆਰ ਕਰਦੇ ਹਨ ਅਤੇ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਉਹ ਆਪਣੀ ਧਰਤੀ ਮਾਤਾ ਅਤੇ ਵਾਤਾਵਰਨ ਸ਼ੁੱਧਤਾ ਲਈ ਵਡਮੁੱਲਾ ਯੋਗਦਾਨ ਦੇ ਰਹੇ ਹਨ। ਉਹਨਾਂ ਸਮੂਹ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਕਿਸੇ ਵੀ ਪ੍ਰਕਾਰ ਦੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਜਰੂਰਤ ਹੈ ਜਾਂ ਇਸ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ ਉਹਨਾਂ ਲਈ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ ਜਿਸਦੇ ਨੰਬਰਾਂ ਤੋਂ ਕਿਸਾਨ ਘਰ ਬੈਠੇ ਹੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜਗਵਿੰਦਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਦੇ ਯਤਨਾਂ ਵਿੱਚ ਵਾਧਾ ਕਰਦਿਆਂ ਹਰੇਕ ਸਬ ਡਿਵੀਜ਼ਨਲ ਪੱਧਰ ਉਪਰ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਹਨ। ਕੰਟਰੋਲ ਰੂਮਾਂ ਦੀਆਂ ਇਹ ਟੀਮਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਸੂਚਨਾ ਤੋਂ ਇਲਾਵਾ ਇਹਨਾਂ ਕੰਟਰੋਲ ਰੂਮਾਂ ਦੇ ਨੰਬਰਾਂ ਜਰੀਏ ਕਿਸਾਨ ਪਰਾਲੀ ਪ੍ਰਬੰਧਨ ਲਈ ਸੋਸਾਇਟੀਆਂ, ਗ੍ਰਾਮ ਪੰਚਾਇਤਾਂ ਆਦਿ ਵਿੱਚ ਮੌਜੂਦ ਮਸ਼ੀਨਰੀ ਲਈ ਵੀ ਜਾਣਕਾਰੀ ਲੈ ਸਕਦੇ ਹਨ। ਸਬ ਡਿਵੀਜ਼ਨ ਮੋਗਾ ਦੇ ਕੰਟਰੋਲ ਰੂਮ ਦੇ ਨੰਬਰ 7973058352, 9878576038, 8968510000, 9780100872, ਸਬ ਡਿਵੀਜ਼ਨ ਬਾਘਾਪੁਰਾਣਾ ਦੇ ਕੰਟਰੋਲ ਰੂਮ ਦੇ ਨੰਬਰ 9814481581, 7009034364, 9815117302, 9780005208 ਹਨ। ਇਸੇ ਤਰ੍ਹਾਂ ਸਬ ਡਿਵੀਜ਼ਨ ਧਰਮਕੋਟ ਦੇ ਕੰਟਰੋਲ ਰੂਮ ਦੇ ਨੰਬਰ 8390200013, 7837600502, 9878525552, 9870002034 ਅਤੇ ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਦੇ ਕੰਟਰੋਲ ਰੂਮ ਦੇ ਨੰਬਰ 7009047446, 9780633830, 9876369701, 9780007417 ਹਨ।