ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤਾ ਕਣਕ ਦਾ ਸਰਵੇਖਣ ਤੇ ਕਿਸਾਨਾਂ ਵਿੱਚ ਫੈਲਾਈ ਜਾਗਰੂਕਤਾ
ਖੇਤੀਬਾੜੀ ਮਾਹਿਰ ਖੇਤਾਂ ਵਿੱਚ ਜਾ ਕੇ ਦੱਸ ਰਹੇ ਕਿਸਾਨਾਂ ਨੂੰ ਸਮੱਸਿਆਵਾਂ ਦਾ ਹੱਲ-ਮੁੱਖ ਖੇਤੀਬਾੜੀ ਅਫ਼ਸਰ
ਮੋਗਾ (ਕਮਲ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਨੂੰ ਵਧੀਆ ਵਿਭਾਗੀ ਖੇਤੀਬਾੜੀ ਸੇਵਾਵਾਂ ਦੇਣ ਲਈ ਹਮੇਸ਼ਾ ਤਤਪਰ ਰਹਿ ਰਿਹਾ ਹੈ। ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਪ੍ਰਤੀ ਜਾਗਰੂਕ ਕਰਨ ਤੋਂ ਇਲਾਵਾ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਪ੍ਰਤੀ ਵੀ ਵਿਭਾਗ ਨੇ ਪੂਰੇ ਜੋਰਾਂ ਸ਼ੋਰਾਂ ਨਾਲ ਮੁਹਿੰਮ ਚਲਾਈ। ਹੁਣ ਦੇਖਣ ਵਿੱਚ ਆ ਰਿਹਾ ਹੈ ਕਿ ਕਿਸਾਨ ਕਣਕ ਉਪਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਘਬਰਾਏ ਹੋਏ ਹਨ ਇਸ ਲਈ ਕਿਸਾਨਾਂ ਦੀ ਇਸ ਮੁਸ਼ਕਿਲ ਦੇ ਹੱਲ ਲਈ ਜ਼ਿਲ੍ਹਾ ਮੋਗਾ ਦੇ ਖੇਤੀਬਾੜੀ ਦਫਤਰ ਨੇ ਫੀਲਡ ਸਰਵੇ ਵਾਲੀਆਂ ਟੀਮਾਂ ਦਾ ਗਠਨ ਕਰ ਦਿੱਤਾ ਹੈ ਜਿਹੜੀਆਂ ਰੋਜਾਨਾਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਉਹਨਾਂ ਨੂੰ ਇਸ ਪ੍ਰਤੀ ਜਾਗਰੂਕ ਕਰਨਗੀਆਂ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਕਰਨਜੀਤ ਸਿੰਘ ਗਿੱਲ ਨੇ ਕੀਤਾ।ਉਹਨਾਂ ਦੱਸਿਆਕ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਸਦਾ ਹੱਲ ਵੀ ਖੇਤੀ ਮਾਹਿਰਾਂ ਵੱਲੋਂ ਦੱਸਿਆ ਜਾ ਰਿਹਾ ਹੈ। ਕਿਸਾਨ ਕਣਕ ਦੀ ਫ਼ਸਲ ਨੂੰ ਪਾਣੀ ਲਾਉਣ ਤੋਂ ਪਹਿਲਾਂ ਫ਼ਸਲ ਦਾ ਨਿਰੰਤਰ ਸਰਵੇਖਣ ਜਰੂਰ ਕਰਨ, ਜੇਕਰ ਕਣਕ ਦੀ ਫਸਲ ਉਪਰ ਗੁਲਾਬੀ ਸੁੰਡੀ ਦਾ ਹਮਲਾ ਹੁੰਦਾ ਹੈ ਤਾਂ 7 ਕਿੱਲੋ ਫਿਪਰੋਨਿਲ ਜਾਂ 1 ਲੀਟਰ ਕਲੋਰੋਪਇਰੀਫੋਰਸ 20 ਈ.ਸੀ. ਨੂੰ 20 ਕਿੱਲੋਂ ਮਿੱਟੀ ਵਿੱਚ ਰਲਾ ਕੇ ਛਿੱਟਾ ਦੇਣਾ ਚਾਹੀਦਾ ਹੈ ਤੇ ਉਸ ਤੋਂ ਬਾਅਦ ਪਾਣੀ ਲਗਾਉਣਾ ਚਾਹੀਦਾ ਹੈ। ਖੇਤਾਂ ਦੇ ਸਰਵੇਖਣ ਦੌਰਾਨ ਡਾ. ਬਲਜਿੰਦਰ ਸਿੰਘ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਨੇ ਸਲਾਹ ਦਿੱਤੀ ਕਿ ਕਣਕ ਦੀ ਫਸਲ ਨੂੰ ਦਿਨ ਸਮੇਂ ਪਾਣੀ ਲਗਾਉਣ ਦੀ ਤਰਜੀਹ ਦੇਣੀ ਚਾਹੀਦਾ ਹੈ ਤਾਂ ਜੋ ਪੰਛੀ ਵੱਧ ਤੋਂ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ। ਜੇਕਰ ਸੁੰਡੀ ਦਾ ਹਮਲਾ ਪਹਿਲਾ ਪਾਣੀ ਲਗਾਉਣ ਤੋਂ ਬਾਅਦ ਹੁੰਦਾ ਹੈ ਤਾਂ 50 ਮਿਲੀਲੀਟਰ ਕੋਰਾਜਨ ਨੂੰ 80-100 ਲੀਟਰ ਪਾਣੀ ਵਿੱਚ ਘੋਲ ਕੇ ਸਪਰੇਅ ਕੀਤੀ ਜਾਵੇ। ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਅਤੇ ਕਿਸਾਨਾਂ ਨੂੰ ਉਹ ਆਪਣੇ ਆਪਣੇ ਬਲਾਕ ਅਤੇ ਸਰਕਲ ਪੱਧਰ ਦੇ ਖੇਤੀਬਾੜੀ ਅਧਿਕਾਰੀਆਂ ਨਾਲ ਰਾਬਤਾ ਕਾਇਮ ਰੱਖਣਾ ਚਾਹੀਦਾ ਹੈ। ਕਿਸਾਨ ਖੇਤੀਬਾੜੀ ਅਧਿਕਾਰੀਆਂ ਦੀ ਸਲਾਹ ਨਾਲ ਕੀੜੇਮਾਰ ਦਵਾਈਆਂ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ। ਜ਼ਿਲ੍ਹਾ ਪੱਧਰ ਤੇ ਹੋਰ ਜਾਣਕਾਰੀ ਲਈ ਡਾ. ਖੁਸ਼ਦੀਪ ਖੇਤੀਬਾੜੀ ਵਿਕਾਸ ਅਫ਼ਸਰ 89682-69079 ਨਾਲ ਸੰਪਰਕ ਕੀਤਾ ਜਾ ਸਕਦਾ ਹੈ।