ਜ਼ਿਲ੍ਹਾ ਸੈਨਿਕ ਬੋਰਡ ਤਰਫ਼ੋਂ ਰਿਟ. ਕਰਨਲ ਲੈਫਟੀਨੈਂਟ ਡਾ. ਸੁਖਮੀਤ ਮਿਨਹਾਂਸ ਨੇ ਡਿਪਟੀ ਕਮਿਸ਼ਨਰ ਮੋਗਾ ਦੇ ਸੀਨੇ ‘ਤੇ ਲਗਾਇਆ ਝੰਡਾ
ਮੋਗਾ (ਕਮਲ) :- ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਮੋਗਾ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮਨਾਇਆ ਗਿਆ। ਇਸ ਸਮੇਂ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਤਰਫ਼ੋਂ ਰਿਟ. ਕਰਨਲ ਲੈਫਟੀਨੈਂਟ ਡਾ. ਸੁਖਮੀਤ ਮਿਨਹਾਂਸ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਸੀਨੇ ‘ਤੇ ਝੰਡਾ ਲਗਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਉਨ੍ਹਾਂ ਵੱਲੋਂ ਲਗਭਗ 26 ਨਾਨ ਪੈਨਸ਼ਨਰ/ਸਾਬਕਾ ਸੈਨਿਕ ਅਤੇ ਵਿਧਵਾਵਾਂ ਨੂੰ 20-20 ਹਜ਼ਾਰ ਦੇ ਚੈੱਕ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿੰਨ੍ਹਾਂ ਨੇ ਆਪਣਾ ਅੱਜ ਸਾਡੇ ਸਭਨਾਂ ਦੇ ਕੱਲ੍ਹ ਵਾਸਤੇ ਕੁਰਬਾਨ ਕੀਤਾ ।ਇਸ ਦਿਨ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ। ਜਿਸ ਨਾਲ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਸਹਾਰਾ ਮਿਲਦਾ ਹੈ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਹੌਂਸਲੇ ਬੁਲੰਦ ਰੱਖਣ ਲਈ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਅਤੇ ਚੰਗੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਦੁਸ਼ਮਣ ਵੱਲੋਂ ਥੋਪੀਆਂ ਲੜਾਈਆਂ ਅਤੇ ਅੱਤਵਾਦ ਖਿਲਾਫ਼ ਸੈਨਿਕਾਂ ਨੇ ਕਾਫ਼ੀ ਸ਼ਹਾਦਤਾਂ ਪਾਈਆਂ ਹਨ, ਜੋ ਕਿ ਨਾ ਭੁੱਲਣ ਯੋਗ ਹਨ। ਕਈ ਸੈਨਿਕ ਸ਼ਹੀਦ ਹੋ ਗਏ ਅਤੇ ਕਈ ਸਦਾ ਲਈ ਨਕਾਰਾ ਹੋ ਗਏ।
ਉਨ੍ਹਾ ਕਿਹਾ ਕਿ ਅਜਿਹੇ ਸੈਨਿਕਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਮੁੱਢਲੀ ਜਿੰਮੇਵਾਰੀ ਬਣ ਜਾਂਦੀ ਹੈ।ਬੇਸ਼ੱਕ ਸਰਕਾਰ ਅਜਿਹੇ ਪਰਿਵਾਰਾਂ ਦੀ ਬੜੀ ਹਮਦਰਦੀ ਨਾਲ ਸਮੇਂ-ਸਮੇਂ ਤੇ ਕਈ ਪ੍ਰਕਾਰ ਦੀ ਮਦਦ ਕਰਦੀ ਹੈ, ਪ੍ਰੰਤੂ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤ ਦੇਸ਼ ਅਤੇ ਇਸ ਸੂਬੇ ਦੇ ਹਰ ਨਾਗਰਿਕ ਨੂੰ ਆਪਣੇ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਅਤੇ ਹਮਦਰਦੀ ਪ੍ਰਗਟ ਕਰਨ ਲਈ ਇੱਕ ਸੁਨਿਹਰੀ ਮੌਕਾ ਪ੍ਰਦਾਨ ਕਰਦਾ ਹੈ। ਦਾਨ ਵਜੋਂ ਇੱਕਠਾ ਕੀਤਾ ਗਿਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸਜ਼ ਫਲੈਗ ਡੇਅ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ ਜੋ ਕਿ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਅਤੇ ਲੋੜਵੰਦ ਸਾਬਕਾ ਸੈਨਿਕਾਂ ਲਈ ਭਲਾਈ ਸਕੀਮਾਂ ਲਈ ਵਰਤਿਆ ਜਾਂਦਾ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਝੰਡਾ ਦਿਵਸ ਤੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ/ਕਾਲਜਾਂ, ਹਸਪਤਾਲਾਂ, ਵਿਭਾਗਾਂ ਅਤੇ ਸੰਸਥਾਵਾਂ ਨੂੰ ਖੁੱਲ੍ਹੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਆਉ ਆਪਾਂ ਵੀ ਉਨ੍ਹਾਂ ਸੂਰਬੀਰ ਸ਼ਹੀਦ ਸੈਨਿਕਾਂ ਨੂੰ ਪ੍ਰਣਾਮ ਕਰੀਏ ਜਿਨ੍ਹਾਂ ਨੇ ਮੁਸ਼ਕਲਾਂ ਭਰੇ ਹਾਲਤਾਂ ਵਿੱਚ ਆਪਣੇ ਅਨਮੋਲ ਜੀਵਨ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਦੀ ਸੁਰੱਖਿਆ ਲਈ ਲਾਸਾਨੀ ਕੁਰਬਾਨੀ ਦਾ ਜਾਮ ਪੀਤਾ ।ਇਸ ਮੌਕੇ ਤੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਦੇ ਕਰਮਚਾਰੀ ਵੀ ਹਾਜ਼ਰ ਸਨ ।