ਕਿਸਾਨ ਕਾਨੂੰਨੀ ਕਾਰਵਾਈ ਤੋਂ ਬਚਣ ਤੇ ਵਾਤਾਵਰਨ ਸ਼ੁੱਧਤਾ ਲਈ ਕਰਨ ਹਦਾਇਤਾਂ ਦੀ ਪਾਲਣਾ-ਡਿਪਟੀ ਕਮਿਸ਼ਨਰ
ਮੋਗਾ (ਕਮਲ) :- ਕਣਕ ਦੀ ਕਟਾਈ ਤੋਂ ਬਾਅਦ ਕਈ ਕਿਸਾਨਾਂ ਵੱਲੋਂ ਫ਼ਸਲ ਦੀ ਰਹਿੰਦ-ਖੂਹੰਦ (ਨਾੜ) ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ/ਦਮਾਂ ਦੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ। ਇਸ ਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾਰੂ ਪ੍ਰਭਾਵ ਪੈਂਦਾ ਹੈ ਅਤੇ ਧੂੰਏ ਨਾਲ ਕਈ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ, ਜਿਸ ਨਾਲ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਨਾੜ ਨੂੰ ਅੱਗ ਲਗਾਉਣ ਨਾਲ ਨਾਲ ਦੇ ਖੇਤ ਵਿੱਚ ਖੜੀ ਫਸਲ ਜਾਂ ਆਲੇ-ਦੁਆਲੇ ਦੇ ਦਰਖਤਾਂ ਨੂੰ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ।ਪੰਜਾਬ ਸਰਕਾਰ ਵੱਲੋਂ ਦੀ ਏਅਰ ਐਂਡ ਕੰਟਰੋਲ ਆਫ਼ ਪ੍ਰਦੂਸ਼ਣ ਐਕਟ 1981 ਤਹਿਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਕਿ ਜਿਸ ਮੁਤਾਬਿਕ ਫਸਲ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਏ ਜਾਣ ਤੇ ਪੂਰਣ ਪਾਬੰਦੀ ਹੈ। ਉਕਤ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ਦੀ ਹਦੂਦ ਅੰਦਰ ਕਣਕ ਦੇ ਨਾੜ (ਰਹਿੰਦ-ਖੂੰਦ) ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 31 ਮਈ 2025 ਤੱਕ ਲਾਗੂ ਰਹਿਣਗੇ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਇਹਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ।