ਮੋਗਾ (ਕਮਲ) :- ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਈ ਗਈ ਸਰਕਾਰ – ਕਿਸਾਨ ਮਿਲਣੀ ਵਿੱਚ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੇ ਆਦੇਸ਼ਾਂ ਉਤੇ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਗੁਰਪ੍ਰੀਤ ਸਿੰਘ ਵੱਲੋਂ ਜਿਲੇ ਦੇ 50 ਅਗਾਹ ਵਧੂ ਕਿਸਾਨਾਂ ਦੀ ਸ਼ਮੂਲੀਅਤ ਕਰਵਾਈ ਗਈ। ਉਕਤ ਮਿਲਣੀ ਵਿੱਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨਾਲ ਖੁੱਲੇ ਰੂਪ ਵਿੱਚ ਪੰਜਾਬ ਦੀ ਖੇਤੀ ਸਬੰਧੀ ਸੰਵਾਦ ਰਚਾਉਂਦਿਆਂ ਕਿਹਾ ਕਿ ਇਸ ਸਾਲ ਝੋਨੇ ਦੀ ਲਵਾਈ ਲਈ ਪੰਜਾਬ ਨੂੰ ਤਿੰਨ ਜੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਝੋਨੇ ਦੀ ਲਵਾਈ ਲਈ ਕਿਸਾਨਾਂ ਨੂੰ ਬਿਜਲੀ ਅਤੇ ਨਹਿਰੀ ਪਾਣੀ ਦੀ ਤੋਟ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਸਥਿਤੀ ਦੇ ਮੱਦੇ ਨਜ਼ਰ ਅਤੇ ਕਿਸਾਨੀ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੁੱਚੇ ਪੰਜਾਬ ਵਿੱਚ ਪੂਸਾ 44 ਅਤੇ ਹਾਈਬ੍ਰਿਡ ਝੋਨੇ ਦੀ ਕਾਸਤ ਤੇ ਪੂਰਨ ਪਾਬੰਦੀ ਲਾਈ ਗਈ ਹੈ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ ਪੀਏਯੂ ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੀਆਂ ਕਿਸਮਾਂ ਦੀ ਹੀ ਕਾਸ਼ਤ ਕਰਨ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਨੂੰ ਫਸਲਾਂ ਦੀ ਵਿਕਰੀ ਸਮੇਂ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਵਕਤ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਖੇਤੀ ਸਬੰਧੀ ਸਵਾਲ ਜਵਾਬ ਵੀ ਕੀਤੇ ਅਤੇ ਮੁੱਖ ਮੰਤਰੀ ਜੀ ਨੇ ਉਨਾਂ ਦੇ ਸਵਾਲਾਂ ਦੇ ਬਖੂਬੀ ਜਵਾਬ ਵੀ ਦਿੱਤੇ।
