ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਸਮੇਤ ਸੰਸਥਾਵਾਂ ਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਮ ਲੋਕਾਂ ਨੂੰ ਸਰਕਾਰ ਦਾ ਸਾਥ ਦੇਣ ਦਾ ਸੱਦਾ
ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਿੱਢੀ ਮੁਹਿੰਮ ”ਯੁੱਧ ਨਸ਼ਿਆਂ ਵਿਰੁੱਧ” ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਿੱਤ ਦਿਨ ਨਸ਼ਾ ਤਸਕਰਾਂ ਨੂੰ ਸਬੂਤਾਂ ਸਮੇਤ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਦਲਦਲ ਵਿੱਚ ਫ਼ਸੇ ਨੌਜਵਾਨਾਂ ਨੂੰ ਨਸ਼ਿਆਂ ਵਿਚੋਂ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਅਤੇ ਹੋਰ ਸਰਕਾਰੀ ਅਮਲੇ ਨੂੰ ਮਜ਼ਬੂਤੀ ਵੀ ਦਿੱਤੀ ਜਾ ਰਹੀ ਹੈ ਤਾਂ ਕਿ ਨੌਜਵਾਨ ਨਸ਼ਾ ਮੁਕਤ ਹੋ ਕੇ ਆਪਣਾ ਚੰਗਾ ਜੀਵਨ ਜਿਉਣ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਨਸ਼ਿਆਂ ਦਾ ਮੁਕੰਮਲ ਖਾਤਮਾ ਨਹੀਂ ਹੋ ਜਾਂਦਾ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਦਿਸ਼ਾ ਵਿੱਚ ਸਿਰਤੋੜ ਮਿਹਨਤ ਕਰ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ ਕਰਨ ਮੌਕੇ ਕੀਤਾ। ਇਹ ਰੈਲੀ ਸਵੇਰੇ 8 ਵਜੇ ਜੋਗਿੰਦਰ ਚੌਕ (ਮੁੱਖ ਬੱਸ ਅੱਡਾ) ਤੋਂ ਰਵਾਨਾ ਹੋ ਕੇ ਬਾਜ਼ਾਰ ਵਿੱਚੋਂ ਗੁਜ਼ਰਦੀ ਹੋਈ ਨੇਚਰ ਪਾਰਕ ਵਿਖੇ ਸਮਾਪਤ ਹੋਈ। ਇਸ ਰੈਲੀ ਵਿੱਚ ਮੇਅਰ ਨਗਰ ਨਿਗਮ ਮੋਗਾ ਸ੍ਰ ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ. ਬੇਅੰਤ ਸਿੰਘ, ਸਹਾਇਕ ਕਮਿਸ਼ਨਰ ਹਿਤੇਸ਼ਵੀਰ ਗੁਪਤਾ, ਸੰਸਥਾਵਾਂ ਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪ੍ਰਸ਼ਾਸ਼ਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਉਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਸਾਗਰ ਸੇਤੀਆ ਦੀ ਅਗਵਾਈ ਵਿੱਚ ਸਮੂਹ ਹਾਜ਼ਰੀਨ ਨੇ ਪ੍ਰਤਿਗਿਆ ਲਈ ਕਿ ਉਹ ਕਦੇ ਨਸ਼ੇ ਨਹੀਂ ਕਰਨਗੇ ਅਤੇ ਉਹ ਜਿੱਥੇ ਵੀ ਨਸ਼ਾ ਵਿਕਦਾ ਦੇਖਣਗੇ ਬਿਨਾਂ ਡਰ ਤੋਂ ਇਸਦੀ ਸੂਚਨਾ ਪੁਲਿਸ ਨੂੰ ਦੇਣਗੇ। ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਆਮ ਲੋਕਾਂ ਵੱਲੋਂ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ ਲੋਕ ਨਸ਼ਾ ਤਸਕਰਾਂ ਵਿਰੁੱਧ ਅਜਿਹੀਆਂ ਮਿਸਾਲੀ ਕਾਰਵਾਈਆਂ ਚਾਹੁੰਦੇ ਸਨ ਜਿਹੜੀਆਂ ਪੰਜਾਬ ਸਰਕਾਰ ਹੁਣ ਕਰ ਰਹੀ ਹੈ।