ਧਰਮਕੋਟ ਦੇ ਪਿੰਡ ਦੌਲੇਵਾਲਾ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ਪੀਲਾ ਪੰਜਾ

ਸੂਬਾ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਪੰਜਾਬ ‘ਚ ਨਹੀਂ ਰਹਿਣ ਦੇਵੇਗੀ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੀ ਅਗਵਾਈ ਹੇਠ ਪੁਲਿਸ ਨੇ ਕੀਤੀ ਕਾਰਵਾਈ ਨਸ਼ਾ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਤੋਂ ਖੁਸ਼ ਹੋ ਕੇ ਲੋਕਾਂ ਨੇ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਸ਼ੁਰੂ ਹੈ। ਇਸ ਕਾਰਵਾਈ ਤਹਿਤ ਅੱਜ ਮੋਗਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ ਦੀ ਅਗਵਾਈ ਹੇਠ ਧਰਮਕੋਟ ਦੇ ਪਿੰਡ ਦੌਲੇਵਾਲਾ ਵਿਖੇ 4 ਨਸ਼ਾ ਤਸਕਰਾਂ ਦਾ ਘਰਾਂ ਨੂੰ ਢਾਹਿਆ ਗਿਆ। ਇਹ ਮਕਾਨ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਹੋਏ ਸਨ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੋਗਾ ਸ਼੍ਰੀ ਹਰਜਿੰਦਰ ਸਿੰਘ ਤੇ ਡਿਊਟੀ ਮੈਜਿਸਟਰੇਟ ਵੀ ਹਾਜ਼ਰ ਸਨ। ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਿੰਡ ਦੌਲੇਵਾਲਾ ਦੇ ਇਹਨਾਂ 4 ਪਰਿਵਾਰਾਂ ਉੱਪਰ ਆਈ. ਪੀ. ਸੀ, ਐਨ.ਡੀ.ਪੀ.ਐਸ.ਐਕਟ ਅਧੀਨ ਵੱਖ ਵੱਖ ਮੁਕੱਦਮੇ ਦਰਜ਼ ਹਨ। ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਅਜੇ ਗਾਂਧੀ ਨੇ ਦੱਸਿਆ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ ‘ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ। ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਜ਼ਿਲ੍ਹਾ ਮੋਗਾ ਦੇ ਧਰਮਕੋਟ ਅਧੀਨ ਪੈਂਦੇ ਪਿੰਡ ਦੌਲੇਵਾਲਾ ਦੇ ਅੰਮ੍ਰਿਤਪਾਲ ਸਿੰਘ, ਸਰਪੰਚ ਸੁਖਵਿੰਦਰ ਸਿੰਘ ਤੇ ਹੋਰ ਮੁਹੱਲਾ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ ਪ੍ਰਸ਼ਾਸ਼ਨ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

Check Also

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਮੋਗਾ (ਕਮਲ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ …

Leave a Reply

Your email address will not be published. Required fields are marked *