ਕਿਹਾ ! ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੁੱਕੇ ਜਾ ਰਹੇ ਹਨ ਸਾਰਥਕ ਕਦਮ
ਮੋਗਾ (ਕਮਲ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮੂੰਵਾਲਾ ਨਵਾਂ ਅਤੇ ਮਟਵਾਣੀ ਵਿਖੇ 37.51 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ ਸਪੀਡ ਵਾਈਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ, ਡੈਸਕ ਤੇ ਕੁਰਸੀਆਂ ਅਤੇ ਚਾਰਦੀਵਾਰੀ ਸ਼ਾਮਲ ਹੈ। ਇਸ ਮੌਕੇ ਉਹਨਾਂ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਅਤੇ ਭਰੋਸਾ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਖੇਤਰ ਨੂੰ ਹੋਰ ਵਧੀਆ ਬਣਾਉਣ ਲਈ ਸਰਕਾਰ ਵੱਲੋਂ ਯਤਨ ਹੋਰ ਤੇਜ਼ ਕੀਤੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ। ਹਲਕਾ ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਸਿੱਖਿਆ ਇੱਕ ਅਜਿਹਾ ਹਥਿਆਰ ਹੈ ਜਿਸ ਨੂੰ ਕੋਈ ਵੀ ਚੋਰੀ ਨਹੀਂ ਕਰ ਸਕਦਾ ਅਤੇ ਸਿੱਖਿਆ ਨਾਲ ਹੀ ਸਮਾਜ ਵਿਕਾਸ ਕਰਦਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਦਿਅਕ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਹਲਕੇ ਦੇ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੇਗੀ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੀ ਕਾਬਲੀਅਤ ਨਾਲ ਹੋਰ ਉੱਚੀਆਂ ਮੱਲਾਂ ਮਾਰਨਗੇ।