ਡਿਫੈਂਸ ਕਮੇਟੀਆਂ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ-ਵਿਧਾਇਕ ਬਾਘਾਪੁਰਾਣਾ

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਨਾਥੇਵਾਲਾ, ਭਲੂਰ ਤੇ ਮਾਹਲਾ ਖੁਰਦ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਕੀਤਾ ਜਾਗਰੂਕ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਵਿੱਚ ਨਾਥੇਵਾਲਾ, ਭਲੂਰ ਤੇ ਮਾਹਲਾ ਖੁਰਦ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਜਾਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸ ਮੁਹਿੰਮ ਵਿੱਚ ਪਿੰਡਾਂ ਦੇ ਪੰਚਾਂ, ਸਰਪੰਚਾਂ ਤੋ ਹੋਰ ਲੋਕਾਂ ਨੇ ਸ਼ਮੂਲੀਅਤ ਕੀਤੀ। ਉਹਨਾਂ ਹਾਜਰੀਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲੋਕ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।

ਉਹਨਾਂ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। ਉਹਨਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਉਹਨਾ ਕਿਹਾ ਕਿ ਇਹ ਮੁਹਿੰਮ ਜਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖਤਮ ਕਰੇਗੀ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਪਿੱਛਲੀਆਂ ਸਰਕਾਰਾਂ ਵੱਲੋਂ ਬੀਜੇ ਕੰਡੇ ਚੁਗ ਰਹੀ ਹੈ ਕਿਉਂਕਿ ਪਿੱਛਲੀਆਂ ਸਰਕਾਰਾਂ ਨੇ ਨਸ਼ੇ ਰੋਕਣ ਲਈ ਕੁਝ ਨਹੀਂ ਕੀਤਾ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।

Check Also

ਨਸ਼ਾ ਛੱਡ ਚੁੱਕੇ ਤੇ ਛੱਡ ਰਹੇ ਨੌਜਵਾਨਾਂ ਦੀ ਜਿੰਦਗੀ ਨੂੰ ਮੁੜ ਤੋਂ ਲੀਹ ਤੇ ਲਿਆਉਣ ਲਈ ਪੰਜਾਬ ਸਰਕਾਰ ਯਤਨਸ਼ੀਲ-ਵਿਧਾਇਕ

ਡਾ. ਅਮਨਦੀਪ ਕੌਰ ਅਰੋੜਾ ਨੇ ਨਸ਼ਾ ਮੁਕਤੀ ਯਾਤਰਾ ਅਧੀਨ ਪਿੰਡਾਂ ਦੇ ਲੋਕਾਂ ਨੂੰ ਇੱਕਜੁਟ ਹੋਣ …

Leave a Reply

Your email address will not be published. Required fields are marked *