ਪਿੰਡਾ ਘੱਲ ਕਲਾਂ, ਮੰਗੇਵਾਲਾ ਤੇ ਦਾਰਾਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਕੀਤਾ ਜਾਗਰੂਕ
ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦੇਣ ਲਈ ਅੱਗੇ ਆ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਘੱਲ ਕਲਾਂ, ਮੰਗੇਵਾਲਾ, ਦਾਰਾਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਦਰਮਿਆਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਹੈ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।


ਇਸ ਮੌਕੇ ਸਮੂਹ ਹਾਜਰੀਨ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ। ਉਹਨਾਂ ਕਿਹਾ ਕਿ ਨਸ਼ਾ ਸਾਡੀ ਨੋਜਵਾਨ ਪੀੜੀ ਨੂੰ ਘੁਣ ਵਾਂਗ ਖਾ ਕੇ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਸੀ ਪਰ ਪੰਜਾਬ ਸਰਕਾਰ ਨੇ ਨਸ਼ੇ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ। ਉਹਨਾਂ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਨਸ਼ਾ ਇੱਕ ਕੋਹੜ ਹੈ ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਅਕਸਰ ਹੀ ਗਲਤ ਜਾਣਕਾਰੀ ਅਤੇ ਕੁਝ ਪਲਾਂ ਦੀ ਐਸ਼ਪ੍ਰਸਤੀ ਕਾਰਣ ਨੌਜਵਾਨ ਇਸ ਗਲਤ ਲਾਈਨ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਹੁਣ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਨੂੰ ਵੀ ਜਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡ ਗਰਾਊਂਡਾਂ ਨਾਲ ਜੋੜ ਕੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ। ਪੰਜਾਬ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਯਤਨਸ਼ੀਲ ਰਹਿ ਰਹੀ ਹੈ।