ਜਲੰਧਰ (ਅਰੋੜਾ) :- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਤਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਹੜ੍ਹਾਂ ਦੀਆਂ ਝੂਠੀਆਂ ਰਿਪੋਰਟਾਂ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਈ।
ਜਲੰਧਰ ਛਾਉਣੀ ਖੇਤਰ ਵਿੱਚ ਹੜ੍ਹਾਂ ਸਬੰਧੀ ਅਫ਼ਵਾਹਾਂ ਬਾਰੇ ਦੱਸਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ, ਜੋ ਹੁਣ ਤੱਕ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ। ਉਨ੍ਹਾਂ ਅੱਗੇ ਕਿਹਾ ਕਿ ਕੈਚਮੈਂਟ ਖੇਤਰ ਵਿੱਚ ਰਾਤ ਭਰ ਹੋਈ ਬਾਰਿਸ਼ ਕਾਰਨ ਚਿੱਟੀ ਵੇਈਂ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਗਲਤ ਢੰਗ ਨਾਲ ਹੜ੍ਹ ਦੇ ਪਾਣੀ ਵਜੋਂ ਦਰਸਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋੜੀਂਦੇ ਰਾਹਤ ਕੇਂਦਰ ਸਥਾਪਿਤ ਕਰਨ ਤੋਂ ਇਲਾਵਾ ਜ਼ਰੂਰੀ ਸਮੱਗਰੀ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਹੈਲਪਲਾਈਨ ਨੰਬਰ 0181-2224417 ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0181-2240064 ਵੀ ਕੰਮ ਕਰ ਰਿਹਾ ਹੈ।
ਲੋਕਾਂ ਨੂੰ ਸੁਚੇਤ ਰਹਿਣ ਅਤੇ ਅਫ਼ਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕਰਦਿਆਂ ਡਾ. ਅਗਰਵਾਲ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧ ਹੈ।
