ਜਲੰਧਰ (ਅਰੋੜਾ) :- ਸੀਪੀਆਈ (ਐਮ) ਦੀ ਸੂਬਾ ਸਕੱਤਰੇਤ ਦੀ ਹੰਗਾਮੀ ਮੀਟਿੰਗ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਗੁਰਨੇਕ ਸਿੰਘ ਭੱਜਲ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੀਟਿੰਗ ‘ਚ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ, ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ, ਕਾਮਰੇਡ ਜਤਿੰਦਰਪਾਲ ਸਿੰਘ, ਕਾਮਰੇਡ ਸਤਿਨਾਮ ਸਿੰਘ ਬੜੈਚ ਤੇ ਕਾਮਰੇਡ ਬਲਜੀਤ ਸਿੰਘ ਗਰੇਵਾਲ ਸ਼ਾਮਲ ਹੋਏ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਪਾਰਟੀ ਸੂਬੇ ਵਿੱਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਜੀਅ-ਜਾਨ ਨਾਲ ਮਦਦ ਕਰੇਗੀ। ਮੀਟਿੰਗ ਵਿੱਚ ਸਮੁੱਚੀ ਸੂਬਾ ਪਾਰਟੀ ਨੂੰ ਸੱਦਾ ਦਿੱਤਾ ਗਿਆ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਜੁੱਟ ਜਾਇਆ ਜਾਵੇ। ਪਾਰਟੀ ਦੀਆਂ ਜ਼ਿਲ੍ਹਾ ਤੇ ਤਹਿਸੀਲ ਕਮੇਟੀਆਂ ਸਮੇਤ ਬ੍ਰਾਂਚਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਸੂਬਾ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਕਿਹਾ ਗਿਆ ਹੈ ਕਿ ਇਸ ਔਖੀ ਘੜੀ ਵਿੱਚ ਹੜ੍ਹ ਪੀੜਤਾਂ ਦੀ ਹਰ ਪੱਖ ਤੋਂ ਸਹਾਇਤਾ ਕੀਤੀ ਜਾਵੇ। ਕਾਮਰੇਡ ਸੇਖੋਂ ਨੇ ਕਿਹਾ ਕਿ ਇਸ ਦੌਰਾਨ ਰਾਸ਼ਨ, ਪਸ਼ੂਆਂ ਲਈ ਚਾਰਾ ਤੇ ਹੋਰ ਲੋੜੀਂਦੀਆਂ ਵਸਤਾਂ ਜ਼ਰੂਰਤਮੰਦਾਂ ਤੱਕ ਪਹੁੰਚਾਈਆਂ ਜਾਣ। ਪਾਰਟੀ ਮੈਂਬਰ ਤੇ ਆਗੂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਹੜ੍ਹ ਪੀੜਤਾਂ ਦੀ ਲੋੜੀਂਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸਹਿਯੋਗ ਕੀਤਾ ਜਾਵੇ। ਇਸ ਦੌਰਾਨ ਵਿੱਚ ਮੰਗ ਕੀਤੀ ਗਈ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਨੂੰ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ। ਨੁਕਸਾਨੀਆਂ ਗਈਆਂ ਫ਼ਸਲਾਂ, ਮਕਾਨਾਂ ਤੇ ਪਸ਼ੂਆਂ ਦੇ ਹੋਏ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇ।ਕਾਮਰੇਡ ਸੇਖੋਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਔਖੀ ਘੜੀ ਵਿੱਚ ਹੜ੍ਹ ਪੀੜਤਾਂ ਦੀ ਜ਼ਮੀਨੀ ਪੱਧਰ ‘ਤੇ ਸਹਾਇਤਾ ਕੀਤੀ ਜਾਵੇ, ਬਿਆਨਬਾਜ਼ੀ ਤੇ ਖ਼ਾਨਾਪੂਰਤੀ ਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁਆਵਜ਼ਾ ਦੇਣ ਸਬੰਧੀ ਪਹਿਲਾਂ ਵਾਲਾ ਵਤੀਰਾ ਨਹੀਂ ਹੋਣਾ ਚਾਹੀਦਾ।
