ਲੋਕਾਂ ਲਈ ਖਿੱਚ ਦਾ ਕੇਂਦਰ
ਮੋਗਾ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਹਰ ਪੱਧਰ ਦੇ
ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ
ਮੋਗਾ (ਵਿਮਲ) :- ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜ਼ੇ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਜਿੱਥੇ ਹਰੇਕ ਲੋੜੀਂਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਿਆ ਖਿਲਾਫ਼ ਚੱਲੀ ਲਹਿਰ ਤੋਂ ਪ੍ਰੇਰਣਾ ਲੈ ਕੇ ਸਕੂਲੀ ਅਧਿਆਪਕਾਂ ਦੇ ਨਾਲ ਵਿਦਿਆਰਥੀਆਂ ਨੇ ਆਪਣੇ ਹੱਥੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਾ ਰਹਿਤ ਜਿੰਦਗੀ ਜਿਊਣ ਦਾ ਸੁਨੇਹਾ ਦੇਣ ਦੇ ਮਕਸਦ ਨਾਲ ਪੇਟਿੰਗਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਨੂੰ ਡੀ.ਸੀ ਦਫ਼ਤਰ ਦੇ ਬਾਹਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਫ਼ਤਰੀ ਕੰਮ ਲਈ ਆਉਣ ਵਾਲੇ ਆਮ ਲੋਕ ਵੱਲੋਂ, ਜਿੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਇਸ ਨਿਵੇਕਲੇ ਉੱਦਮ ਦੀ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ, ਉਥੇ ਇਹ ਪੇਟਿੰਗਾਂ ਖਿੱਚ ਦਾ ਕੇਂਦਰ ਬਣ ਰਹੀਆਂ ਹਨ ਅਤੇ ਹਰੇਕ ਵਰਗ ਦੇ ਲੋਕਾਂ ਨੂੰ ਨਸ਼ਿਆ ਖਿਲਾਫ਼ ਇਕਜੁੱਟ ਹੋ ਕੇ ਸਮਾਜ ਅੰਦਰ ਨਸ਼ਿਆ ਦੀ ਭੈੜੀ ਲਾਹਨਤ ਨੂੰ ਜੜੋਂ ਪੁੱਟਣ ਲਈ ਜਾਗਰੂਕ ਵੀ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ਸਾਡੇ ਦੇਸ਼ ਦਾ ਰੌਸ਼ਨ ਭਵਿੱਖ ਹੈ, ਜਿਸਦੇ ਵੱਲੋਂ ਅਜਿਹੀਆਂ ਵਿਸ਼ੇਸ਼ ਗਤਿਵਿਧੀਆਂ ਵਿੱਚ ਯੋਗਦਾਨ ਪਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼, ਸੂਬੇ ਅਤੇ ਜ਼ਿਲ੍ਹੇ ਦੀ ਤਰੱਕੀ ਅੰਦਰ ਨੌਜਵਾਨ ਪੀੜ੍ਹੀ ਦਾ ਵੱਡਾ ਯੋਗਦਾਨ ਹੁੰਦਾ ਹੈ, ਇਸੇ ਲਈ ਜ਼ਿਲ੍ਹੇ ਦੇ ਸਕੂਲਾਂ ਅੰਦਰ ਵਿਦਿਆਰਥੀ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਸ਼ੇਸ ਪੇਟਿੰਗ, ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ ਤੇ ਵਿਸ਼ੇਸ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ, ਜ਼ਿਨ੍ਹਾਂ ਵੱਲੋਂ ਨਸ਼ਿਆ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕਤਾ ਗਤੀਵਿਧੀਆ ਕੀਤੀਆ ਜਾ ਰਹੀਆ ਹਨ। ਉੱਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਤੇ ਪ੍ਰਸ਼ਾਸ਼ਨਿਕ ਸਾਥ ਨਾਲ ਮੋਗਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 6 ਪ੍ਰਸਤਾਵਾਂ ਅਧੀਨ 11 ਤਸਕਰਾਂ ਦੀ 4 ਕਰੋੜ 89 ਲੱਖ 51 ਹਜ਼ਾਰ 910 ਰੁਪਏ ਦੀ ਸੰਪਤੀ ਜ਼ਬਤ ਕੀਤੀ ਗਈ ਹੈ। 11,74,540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 733 ਐੱਫ ਆਈ ਆਰ ਜ ਦਰਜ ਕਰਕੇ 1315 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। 19.664 ਕਿਲੋਗ੍ਰਾਮ ਹੈਰਇਨ, 12.900 ਕਿਲੋਗ੍ਰਾਮ ਅਫੀਮ, 2528.800 ਕਿਲੋਗ੍ਰਾਮ ਭੁੱਕੀ,0.700 ਕਿਲੋਗ੍ਰਾਮ ਗਾਂਜਾ, 12,22,004 ਨਸ਼ੀਲੀਆਂ ਗੋਲੀਆਂ/ਕੈਪਸੂਲ, 26,600 ਕਿਲੋਗ੍ਰਾਮ ਭੁੱਕੀ ਦੇ ਹਰੇ ਪੌਦੇ 2393.415 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਜਾ ਚੁੱਕੀ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ।