ਕਿਸਾਨ ਮੰਡੀਆਂ ਵਿੱਚ 17 ਫੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਲਿਆਉਣ ਤੋਂ ਗੁਰੇਜ ਕਰਨ
ਝੋਨੇ ਦੀ ਪਰਾਲੀ ਸਾੜਨ ਦੀ ਥਾਂ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ ਕਿਸਾਨ
ਮੋਗਾ (ਵਿਮਲ) :- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ, ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨ ਨਿਰਧਾਰਿਤ ਮਾਪਦੰਡ 17 ਫੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਮੰਡੀਆ ਵਿੱਚ ਨਾ ਲਿਆਉਣ, ਝੋਨੇ ਦੀ ਫਸਲ ਨੂੰ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ ਤਾਂ ਜੋ ਫਸਲ ਨੂੰ ਬਿਨਾਂ ਕਿਸੇ ਦੇਰੀ ਦੇ ਖਰੀਦਿਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਕੀਤਾ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 108 ਮੰਡੀਆਂ ਵਿੱਚ ਸਾਫ-ਸਫਾਈ , ਪਾਣੀ ਦਾ ਪ੍ਰਬੰਧ, ਰੌਸ਼ਨੀ ਦਾ ਪ੍ਰਬੰਧ, ਆਰਜੀ ਬਾਥਰੂਮ ਆਦਿ ਦੇ ਮੁੰਕਮਲ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਮੌਜੂਦਾ ਸਾਲ ਦੌਰਾਨ ਕਿਸਾਨਾਂ ਨੂੰ 300 ਆਧੁਨਿਕ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 4800 ਦੇ ਕਰੀਬ ਮਸ਼ੀਨਰੀ ਪਹਿਲਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਕੋਲ ਉਪਲੱਬਧ ਹਨ। ਉਹਨਾਂ ਜ਼ਿਲ੍ਹੇ ਦੇ ਸਮੂਹ ਕੰਬਾਈਨ ਮਾਲਕਾਂ ਤੇ ਆਪਰੇਟਰਾਂ ਨੂੰ ਬਿਨ੍ਹਾਂ ਸੁਪਰ ਐਸ.ਐਮ.ਐਸ. ਸਿਸਟਮ ਤੋਂ ਕਟਾਈ ਨਾ ਕਰਨ ਅਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਦੇ ਮਨਾਹੀ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਨੇ ਦੱਸਿਆ ਕਿ ਪਰਾਲੀ ਨੂੰ ਖੇਤ ਵਿਚ ਨਿਪਟਾਉਣ ਦੇ ਨਾਲ-ਨਾਲ ਇਸ ਦੀਆਂ ਗੰਢਾ ਬਣਾ ਕੇ ਵਪਾਰਿਕ ਤਰੀਕੇ ਨਾਲ ਵੀ ਇਸ ਦੀ ਵਰਤੋ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤਾਂ ਵਿਚ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈਦਾ ਹੈ ਕਿਉਕਿ ਅਜਿਹੀ ਸਥਿਤੀ ਵਿੱਚ ਚਲਾਣ ਵੀ ਕੀਤੇ ਜਾਂਦੇ ਹਨ, ਜ਼ਿਨ੍ਹਾਂ ਤੋ ਬਚਣ ਲਈ ਕਿਸਾਨਾਂ ਨੂੰ ਰਹਿੰਦ ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨਾ ਚਾਹੀਦਾ ਹੈ।
JiwanJotSavera