ਵੱਧ ਤੋਂ ਵੱਧ ਕਿਸਾਨ ਸ਼ਮੂਲੀਅਤ ਕਰਕੇ ਲੈਣ ਕੈਂਪ ਦਾ ਲਾਹਾ-ਮੁੱਖ ਖੇਤੀਬਾੜੀ ਅਫ਼ਸਰ
ਮੋਗਾ (ਵਿਮਲ) :- ਡ: ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ ਨੇ ਦੱਸਿਆ ਕਿ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਤੋਂ ਲੈ ਕੇ ਕਟਾਈ ਤੱਕ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 4 ਅਕਤੂਬਰ ਦਿਨ ਸ਼ਨੀਵਾਰ ਨੂੰ ਵਿੰਡਸਰ ਗਾਰਡਨ ਪੈਲੇਸ, ਫਿਰੋਜ਼ਪੁਰ ਰੋਡ, ਪਿੰਡ ਦੁੱਨੇਕੇ, ਜ਼ਿਲ੍ਹਾ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਕਰਨਗੇ। ਡਾ: ਨਰਿੰਦਰ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਕੈਂਪ ਦੀ ਪ੍ਰਧਾਨਗੀ ਕਰਨਗੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੇ ਤਕਨੀਕੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਇਸ ਕਿਸਾਨ ਸਿਖਲਾਈ ਕੈਂਪ ਵਿਚ ਖੇਤੀ ਅਤੇ ਸਹਾਇਕ ਧੰਦਿਆਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਇਸ ਕਿਸਾਨ ਸਿਖਲਾਈ ਕੈਂਪ ਵਿਚ ਸ਼ਾਮਲ ਹੋ ਕੇ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ਅਤੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਸਬੰਧੀ ਵੀ ਗਿਆਨ ਪ੍ਰਾਪਤ ਕਰਨ ਦੀ ਅਪੀਲ ਕੀਤੀ।