ਲੋਹਗੜ੍ਹ ਵਿਖੇ ਲਗਾਏ ਕੈਂਪ ਵਿੱਚ 40 ਦੇ ਕਰੀਬ ਕਿਸਾਨਾਂ ਨੇ ਕੀਤੀ ਸ਼ਮੂਲੀਅਤ
ਮੋਗਾ (ਵਿਮਲ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਮੋਗਾ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰੀ ਕੈਂਪਾਂ ਜਾ ਆਯੋਜਨ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਕੋਟ ਈਸੇ ਖਾ ਡਾ. ਗੁਰਬਾਜ ਸਿੰਘ ਦੀ ਯੋਗ ਅਗਵਾਈ ਹੇਠ ਅਸ਼ਵਨੀ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਪਿੰਡ ਲੋਹਗੜ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਖੇਤੀਬਾੜੀ ਵਿਸਥਾਰ ਅਫਸਰ ਅਸ਼ਵਨੀ ਕੁਮਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਕਣਕ ਦੀ ਬਿਜਾਈ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੁਪਰ ਸੀਡਰ, ਹੈਪੀ ਸੀਡਰ ,ਮਲਚਿੰਗ ਵਿਧੀ ਆਦਿ ਨਾਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਾਉਣ ਲਈ ਕਿਹਾ ਗਿਆ ਤਾਂ ਜੋ ਝੋਨੇ ਵਿੱਚ ਨਮੀ ਦੀ ਮਾਤਰਾ ਸਹੀ ਮਾਪਦੰਡਾਂ ਮੁਤਾਬਕ ਆ ਸਕੇ। ਉਹਨਾਂ ਕਿਸਾਨਾਂ ਨੂੰ ਕਿਹਾ ਕਿ ਐਸ.ਐਮ.ਐਸ. ਉਪਰੇਟਡ ਕੰਬਾਈਨਾਂ ਨਾਲ ਝੋਨੇ ਦੀ ਫਸਲ ਕਟਵਾਈ ਜਾਵੇ ਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਜਰੂਰਤ ਹੀ ਨਾ ਪਵੇ। ਇਸ ਤੋਂ ਇਲਾਵਾ ਹੀਰਾ ਲਾਲ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਐਸ.ਐਚ.ਓ. ਧਰਮਕੋਟ ਸ਼੍ਰੀ ਗੁਰਮੇਲ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਜੁਰਮਾਨੇ ਤੇ ਐਫ.ਆਈ.ਆਰ. ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ। ਇਸ ਕੈਂਪ ਵਿੱਚ ਜਸਪਾਲ ਸਿੰਘ ਮੌਜੂਦਾ ਸਰਪੰਚ ਲੋਹਗੜ ਅਤੇ ਉਹਨਾਂ ਨਾਲ ਲਗਭਗ 35 ਤੋਂ 40 ਕਿਸਾਨ ਸ਼ਾਮਿਲ ਹੋਏ।
JiwanJotSavera