ਮੋਗਾ (ਕਮਲ) :- ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪਾਂ ਜਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਕਿ ਵੱਧ ਤੋਂ ਵੱਧ ਕਿਸਾਨਾਂ ਵਿੱਚ ਪਰਾਲੀ ਨਾ ਸਾੜਨ ਦੀ ਚੇਤਨਤਾ ਪੈਦਾ ਕੀਤੀ ਜਾ ਸਕੇ।
ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਬਾਜ ਸਿੰਘ ਦੀ ਅਗਵਾਈ ਹੇਠ ਅਸ਼ਵਨੀ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਪਿੰਡ ਭਿੰਡਰ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਵਿਦਿਆਰਥੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਗੁਰਬਾਜ ਸਿੰਘ ਖੇਤੀਬਾੜੀ ਅਫਸਰ ਨੇ ਬੱਚਿਆਂ ਨੂੰ ਝੋਨੇ ਦੀ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਵਾਤਾਵਰਨ ਤੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਝੋਨੇ ਦੀ ਫਸਲ ਵਿੱਚ ਖੁਰਾਕੀ ਤੱਤਾਂ ਦੀ ਘਾਟ ਨਾਲ ਕੀ ਸਮੱਸਿਆਵਾਂ ਆ ਸਕਦੀਆਂ ਹਨ ਅਤੇ ਉਹਨਾਂ ਦੇ ਹੱਲ ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ। ਉਹਨਾਂ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਾਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਉਹ ਕੈਂਪ ਵਿੱਚ ਦੱਸੀਆਂ ਗੱਲਾਂ ਆਪਣੇ ਪਰਿਵਾਰ ਅਤੇ ਹੋਰ ਲੋਕਾਂ ਤੱਕ ਪਹੁੰਚਾਉਣ।

ਅਸ਼ਵਨੀ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਵਰਤੇ ਜਾਣ ਵਾਲੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਕਿਸਾਨ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਮਲਚਰ ਆਦਿ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨ ਐਸ.ਐਮ.ਐਸ. ਲੱਗੀ ਕੰਬਾਈਨ ਨਾਲ ਝੋਨਾ ਕਟਵਾ ਸਕਦੇ ਹਨ ਅਤੇ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਵਾ ਕੇ ਵੀ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ।
ਇਸ ਮੌਕੇ ਪਰਾਲੀ ਪ੍ਰਬੰਧਨ ਸਬੰਧੀ ਲੇਖ, ਚਾਰਟ ਬਣਾਉਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਬੈਗ ਅਤੇ ਸਟੇਸ਼ਨਰੀ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੀਰਾ ਲਾਲ ਖੇਤੀਬਾੜੀ ਵਿਸਥਾਰ ਅਫਸਰ, ਅਮਨਦੀਪ ਸਿੰਘ ਜੂਨੀਅਰ ਤਕਨੀਸ਼ੀਅਨ, ਹਰਦੀਪ ਸਿੰਘ ਤੋਂ ਇਲਾਵਾ ਸਕੂਲ ਦਾ ਸਟਾਫ ਵੀ ਮੌਜੂਦ ਸੀ।