ਕਿਹਾ! ਝੋਨੇ ਦੀ ਪਰਾਲੀ ਸਾੜਨ ਤੇ ਪੂਰਨ ਪਾਬੰਦੀ ਆਦੇਸ਼ਾਂ ਦੀ ਕਿਸਾਨ ਕਰਨ ਇੰਨ ਬਿੰਨ ਪਾਲਣਾ
ਮੋਗਾ (ਵਿਮਲ) :- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸੁਵਿਧਾ ਲਈ ਲੋੜੀਂਦੇ ਪ੍ਬੰਧ ਕੀਤੇ ਗਏ ਹਨ ਤਾਂ ਕਿ ਕਿਸਾਨਾੱ ਨੂੰ ਮੰਡੀਆਂ ਵਿੱਚ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀਆਂ ਵਿੱਚ ਖ੍ਰੀਦ ਦੇ ਨਾਲ-ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਕਿਸਾਨਾਂ ਦੀ ਨਿਯਮਿਤ ਨਮੀ ਵਾਲੀ ਫ਼ਸਲ ਦੀ ਘੱਟ ਤੋਂ ਘੱਟ ਸਮੇਂ ਅੰਦਰ ਅੰਦਰ ਖਰੀਦ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 144154 ਮੀਟ੍ਰਿਕ ਟਨ ਝੋਨੇ ਦੀ ਫਸਲ ਵਿੱਚੋਂ 125872 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਜਿੱਠਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਪਰਾਲੀ ਸਾੜਨ ਉਪਰ ਪੂਰਨ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ ਕਿਸਾਨ ਇਹਨਾਂ ਆਦੇਸ਼ਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ। ਉਹਨਾਂ ਕਿਸਾਨਾਂ ਨੂੰ ਦੱਸਿਆ ਕਿ ਕੋਈ ਵੀ ਕਿਸਾਨ ਸੁਪਰ ਐਸ.ਐਮ.ਐਸ. ਲੱਗੇ ਵਾਲੀ ਕੰਬਾਈਨ ਤੋਂ ਬਗੈਰ ਝੋਨੇ ਦੀ ਵਾਢੀ ਨਾ ਕਰਵਾਉਣ ਕਿਉਂਕਿ ਇਹ ਗੈਰਕਾਨੂੰਨੀ ਹੈ। ਕਿਸਾਨ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕਿਹਾ ਕਿ ਮੰਡੀਆਂ ਵਿੱਚ ਸਿਰਫ 17 ਫੀਸਦੀ ਜਾਂ ਇਸ ਤੋਂ ਘੱਟ ਨਮੀ ਵਾਲੇ ਝੋਨੇ ਦੀ ਫਸਲ ਹੀ ਲਿਆਂਦੀ ਜਾਵੇ। ਓਹਨਾਂ ਕਿਹਾ ਕਿ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਦੇ ਆਦੇਸ਼ਾਂ ਦੀ ਵੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।