ਮਹੇਸ਼ਰੀ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਕਿਸਾਨ ਦਾ ਚਲਾਨ ਕਰਕੇ ਮਾਮਲਾ ਦਰਜ
ਐਸ ਡੀ ਐਮ ਨੇ ਟੀਮ ਸਮੇਤ ਮਹੇਸ਼ਰੀ ਵਿਖੇ ਫੈਲਾਈ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ
ਮੋਗਾ (ਵਿਮਲ) :- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਦੀ ਯੋਗ ਅਗਵਾਈ ਵਿੱਚ ਪ੍ਰਸ਼ਾਸ਼ਨ ਮੋਗਾ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਕਰੜੇ ਹੱਥੀਂ ਨਜਿੱਠਿਆ ਜਾ ਰਿਹਾ ਹੈ। ਮੋਗਾ ਸਬ-ਡਵੀਜ਼ਨ ਅਧੀਨ ਆਉਂਦੇ ਪਿੰਡ ਮਹੇਸ਼ਰੀ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੇ ਕੇਸ ਨੂੰ ਪੂਰਨ ਗੰਭੀਰਤਾ ਨਾਲ ਲੈਂਦਿਆਂ ਸੰਬੰਧਤ ਟੀਮ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਪਰਾਲੀ ਸਾੜਨ ਦੇ ਸਖ਼ਤ ਹੁਕਮਾਂ ਦੀ ਉਲੰਘਣਾ ਕਰਨ ਤੇ ਮਹੇਸ਼ਰੀ ਦੇ ਇੱਕ ਕਿਸਾਨ ਦਾ ਚਲਾਨ ਕਰਕੇ ਉਸ ਉੱਪਰ ਮਾਮਲਾ ਵੀ ਦਰਜ ਕਰ ਦਿਤਾ ਗਿਆ ਹੈ। ਐਸ.ਡੀ.ਐਮ. ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਕਿਹਾ ਕਿ ਪ੍ਰਸ਼ਾਸਨ ਦੇ ਨੋਡਲ ਅਫ਼ਸਰ, ਕਲੱਸਟਰ ਅਫਸਰਾਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੈਟੇਲਾਈਟ ਜਰੀਏ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਪਰ ਬਾਜ ਅੱਖ ਰੱਖੀ ਜਾ ਰਹੀ ਹੈ ਇਸ ਲਈ ਕੋਈ ਵੀ ਕਿਸਾਨ ਇਹਨਾਂ ਹੁਕਮਾਂ ਦੀ ਉਲੰਘਣਾ ਨਾ ਕਰੇ, ਮਾਣਯੋਗ ਸੁਪਰੀਮ ਕੋਰਟ ਇਹਨਾਂ ਕੇਸਾਂ ਦੀ ਮੋਨੀਟਰਿੰਗ ਕਰ ਰਹੀ ਹੈ। ਐਸ ਡੀ ਐੱਮ ਵੱਲੋਂ ਟੀਮ ਸਮੇਤ ਮਹੇਸ਼ਰੀ ਵਿਖੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ। ਇਸ ਮੌਕੇ ਉਹਨਾਂ ਨਾਲ ਡੀ ਐਸ ਪੀ ਮੋਗਾ ਗੁਰਪ੍ਰੀਤ ਸਿੰਘ, ਏ ਡੀ ਓ ਮਨ ਮੋਹਨ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
JiwanJotSavera