ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨਾਲ ਸਬੰਧਤ ਵਿਸ਼ਾਲ ਨਗਰ ਕੀਰਤਨ 20 ਨਵੰਬਰ ਨੂੰ ਮੋਗਾ ਤੋਂ ਗੁਜਰੇਗਾ
ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਲਾਈਟ ਐਂਡ ਸਾਊਂਡ ਸ਼ੋਅ ਤੇ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਲਿਆ ਜਾਇਜਾ
ਨਗਰ ਕੀਰਤਨ ਦਾ ਦਾਰਾਪੁਰ ਹੱਦ ਤੇ ਪੈਂਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਕੀਤਾ ਜਾਵੇਗਾ ਸਵਾਗਤ
ਮੋਗਾ (ਵਿਮਲ) :- ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਨਵੀਂ ਦਾਣਾ ਮੰਡੀ ਮੋਗਾ ਵਿਖੇ 17 ਨਵੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 7:30 ਵਜੇ ਤੱਕ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ ਤੋਂ ਇਲਾਵਾ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਮੁੱਖ ਮੰਤਰੀ ਫੀਲਡ ਅਫ਼ਸਰ ਗਗਨਦੀਪ ਸਿੰਘ, ਐਸ.ਪੀ. ਸੰਦੀਪ ਸਿੰਘ ਮੰਡ ਤੋਂ ਇਲਾਵਾ ਮੋਗਾ ਦੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੰਗਤ ਨੂੰ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਸਮੂਹ ਜ਼ਿਲ੍ਹਾ ਨਿਵਾਸੀ ਇਹ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਆਪਣੇ ਪਰਿਵਾਰਾਂ ਤੇ ਦੋਸਤਾਂ ਸਮੇਤ ਦੇਖਣ ਲਈ ਨਵੀਂ ਅਨਾਜ ਮੰਡੀ ਮੋਗਾ ਵਿਖੇ ਜ਼ਰੂਰ ਪੁੱਜਣ।

ਸਾਗਰ ਸੇਤੀਆ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ 45 ਮਿੰਟ ਦਾ ਹੋਵੇਗਾ ਅਤੇ ਇਸ ਤੋਂ ਪਹਿਲਾਂ 5:30 ਤੋਂ 6:30 ਵਜੇ ਤੱਕ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਲ ਹੋ ਸਕਦਾ ਹੈ, ਜਿਸ ਲਈ ਹਰੇਕ ਨੂੰ ਖੁੱਲ੍ਹਾ ਸੱਦਾ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਦੀ ਲੜੀ ਵਿੱਚ ਚੌਥਾ ਵਿਸ਼ਾਲ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਸਵੇਰੇ 8 ਵਜੇ ਬਾਬਾ ਫਰੀਦ ਜੀ ਦੇ ਅਸਥਾਨ ਤੋਂ ਆਰੰਭ ਹੋ ਕੇ ਫਿਰੋਜਪੁਰ ਹੁੰਦੇ ਹੋਏ ਮੋਗਾ ਵਿੱਚੋਂ ਗੁਜਰੇਗਾ। ਚਾਰੋਂ ਨਗਰ ਕੀਰਤਨ 22 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਸ਼ੇਸ਼ ਨਗਰ ਕੀਰਤਨ ਦਾ ਪੂਰਨ ਸ਼ਰਧਾ ਤੇ ਧਾਰਮਿਕ ਭਾਵਨਾ ਨਾਲ ਸਵਾਗਤ ਦਾਰਾਪੁਰ ਹੱਦ ਤੇ ਪੈਂਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਪੂਰਨ ਸ਼ਰਧਾ ਭਾਵਨਾ ਨਾਲ ਕੀਤਾ ਜਾਵੇਗਾ। ਮੇਨ ਚੌਂਕ (ਜੋਗਿੰਦਰ ਸਿੰਘ ਚੌਂਕ) ਵਿਖੇ ਨਗਰ ਕੀਰਤਨ ਨੂੰ ਗਾਰਡ ਆਫ ਆਨਰ ਅਤੇ ਸਲਾਮੀ ਦਿੱਤੀ ਜਾਵੇਗੀ। ਉਹਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਜਿਨਾਂ ਚਿਰ ਨਗਰ ਕੀਰਤਨ ਨੇ ਇਸ ਚੌਂਕ ਵਿੱਚ ਰੁਕਣਾ ਹੈ ਉਪਰੋਂ ਲੰਘਣ ਵਾਲਾ ਟਰੈਫਿਕ ਸੁਚੱਜੇ ਢੰਗ ਨਾਲ ਡਾਇਵਰਟ ਕੀਤਾ ਜਾਵੇ। ਉਹਨਾਂ ਮੀਟਿੰਗ ਵਿੱਚ ਸਫਾਈ, ਟਰੈਫਿਕ ਅਤੇ ਸੁਰੱਖਿਆ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਹਨਾਂ ਪੀ.ਡਬਲਯੂ.ਡੀ, ਪੇਂਡੂ ਵਿਕਾਸ, ਸਥਾਨਕ ਸਰਕਾਰ ਅਤੇ ਟੂਰਿਜ਼ਮ ਵਿਭਾਗਾਂ ਨੂੰ ਪੂਰੀ ਤਾਲਮੇਲ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ, ਤਾਂ ਜੋ ਨਗਰ ਕੀਰਤਨਾਂ ਦੇ ਰੂਟਾਂ ਦੀ ਸੁੰਦਰਤਾ, ਸੜਕਾਂ ਦੀ ਮੁਰੰਮਤ, ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ ਅਤੇ ਪਾਰਕਿੰਗ ਦੀ ਉਚਿਤ ਸਹੂਲਤ ਯਕੀਨੀ ਬਣਾਈ ਜਾ ਸਕੇ।
JiwanJotSavera