ਪਰਾਲੀ ਨਾ ਸਾੜਨ ਵਾਲੇ 15 ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਵੰਡੇ ਪ੍ਰਸੰਸਾ ਪੱਤਰ
ਮੋਗਾ (ਵਿਮਲ) :- ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਪਿੰਡ ਨੱਥੋਕੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ। ਉਹਨਾਂ ਇਸ ਮੌਕੇ ਪਰਾਲੀ ਨਾ ਸਾੜਨ ਵਾਲੇ 15 ਕਿਸਾਨਾਂ ਨੂੰ ਪ੍ਰਸੰਸਾ ਪੱਤਰ ਵੀ ਵੰਡੇ। ਉਹਨਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਕੇਵਲ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ ਸਗੋਂ ਸਾਡੀ ਜਮੀਨ ਦੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਵੱਡੀ ਗਿਣਤੀ ਵਿੱਚ ਮਸ਼ੀਨਾਂ ਸਬਸਿਡੀ ਤੇ ਮੁਹਈਆ ਕਰਵਾਈਆਂ ਗਈਆਂ ਹਨ। ਉਹਨਾਂ ਨੇ ਕਿਹਾ ਕਿ ਪਰਾਲੀ ਨੂੰ ਜੇਕਰ ਖੇਤ ਵਿੱਚ ਹੀ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਇਸ ਨਾਲ ਜਿੱਥੇ ਵਾਤਾਵਰਨ ਨੂੰ ਨੁਕਸਾਨ ਨਹੀਂ ਹੁੰਦਾ ਉਥੇ ਜਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ ਅਤੇ ਜਮੀਨ ਵਿੱਚ ਕਾਰਬਨਿਕ ਮਾਦਾ ਵਧਣ ਨਾਲ ਕਿਸਾਨਾਂ ਨੂੰ ਅਗਲੀਆਂ ਫਸਲਾਂ ਦਾ ਚੰਗਾ ਝਾੜ ਮਿਲਦਾ ਹੈ। ਉਹਨਾਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਸਭ ਤੋਂ ਪਹਿਲਾਂ ਸਾਡੇ ਕਿਸਾਨ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਹੀ ਨੁਕਸਾਨ ਪਹੁੰਚਾਉਂਦਾ ਹੈ। ਉਹਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਤਕਨੀਕੀ ਨੁਕਤੇ ਸਾਂਝੇ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਿਸਾਨ ਆਪਣੇ ਇਲਾਕੇ ਦੇ ਕਿਸਾਨਾਂ ਲਈ ਚਾਨਣ-ਮੁਨਾਰੇ ਸਾਬਿਤ ਹੋਏ ਹਨ। ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਅਤੇ ਸਰਕਾਰ ਦਾ ਵੀ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਸਨਮਾਨਿਤ ਕੀਤਾ ਹੈ ਅਤੇ ਨਾਲ ਹੀ ਸਮੂਹ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ ਹੈ ਕਿਉਂਕਿ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ ਤਾਂ ਜੋ ਇਸ ਨੂੰ ਬਚਾਇਆ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਬਾਘਾਪੁਰਾਣਾ ਸ੍ਰੀ ਬੇਅੰਤ ਸਿੰਘ, ਡੀ.ਐਸ.ਪੀ. ਸ੍ਰੀ ਦਲਵੀਰ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ, ਬਲਾਕ ਖੇਤੀਬਾੜੀ ਅਫਸਰ ਡਾ. ਤਰਨਜੀਤ ਸਿੰਘ, ਡਾ. ਸੁਖਰਾਜ ਕੌਰ, ਡਾ. ਬਲਜਿੰਦਰ, ਡਾ. ਜਗਦੀਪ ਅਤੇ ਸਮੂਹ ਸਟਾਫ ਹਾਜ਼ਰ ਸੀ।
JiwanJotSavera