ਮੋਗਾ (ਵਿਮਲ) :- ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀਆਂ ਹਦਾਇਤਾਂ ‘ਤੇ ਪ੍ਰੋਜੈਕਟ ਜੀਵਨ ਜੋਤ 2.0 ਨੂੰ ਲਾਗੂ ਕਰਨ ਲਈ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਖਿਲਾਫ ਮੁਹਿੰਮ ਜਾਰੀ ਹੈ। ਜ਼ਿਲਾ ਪ੍ਰੋਗਰਾਮ ਅਫਸਰ ਗੁਰਜੀਤ ਕੌਰ ਦੀ ਅਗਵਾਈ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਪਰਮਜੀਤ ਕੌਰ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਬੱਸ ਸਟੈਂਡ ਅਤੇ ਬਜਾਰ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬਾਲ ਭਲਾਈ ਕਮੇਟੀ, ਪੁਲਿਸ ਵਿਭਾਗ, ਸਿੱਖਿਆ ਵਿਭਾਗ, ਚਾਈਡ ਲਾਈਨ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਸ਼ਾਮਿਲ ਸਨ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ ‘ਤੇ ਅਪਰਾਧ ਹੈ। ਬਾਲ ਭਿੱਖਿਆ ਨੂੰ ਜੜ ਤੋਂ ਖਤਮ ਕਰਨ ਲਈ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ ਵਿੱਚ ਪੈਸੇ ਨਾ ਦਿੱਤੇ ਜਾਣ ਸਗੋਂ ਉਨਾਂ ਦੇ ਮਾਂ ਪਿਓ ਦੀ ਕਾਊਂਸਲਿੰਗ ਕੀਤੀ ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਣ ਦੀ ਬਜਾਏ ਸਕੂਲਾਂ ਵਿੱਚ ਪੜ੍ਹਨ ਲਈ ਭੇਜਣ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਭਿਖਿਆ ਵਿੱਚ ਲੱਗਿਆ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਚਾਇਲਡ ਹੈਲਪਲਾਈਨ ਨੰਬਰ 1098 ਤੇ ਜਾਣਕਾਰੀ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸੜਕਾਂ, ਚੌਰਾਹਿਆਂ ਅਤੇ ਸਰਵਜਨਿਕ ਥਾਵਾਂ ‘ਤੇ ਭੀਖ ਮੰਗਦੇ ਬੱਚਿਆਂ ਨੂੰ ਸੁਰੱਖਿਅਤ ਕਰਕੇ ਉਨ੍ਹਾਂ ਨੂੰ ਸਿੱਖਿਆ ਅਤੇ ਪੁਨਰਵਾਸ ਨਾਲ ਜੋੜਨਾ ਹੈ।
JiwanJotSavera