Wednesday , 28 January 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਢੁੱਡੀਕੇ ਵਿੱਚ ਸੀਵਰੇਜ, ਟੋਭੇ, ਖੇਡ ਦੇ ਮੈਦਾਨ ਅਤੇ ਸਾਰੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਅਪਗ੍ਰੇਡ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਿਛਲੀਆਂ ਸਰਕਾਰਾਂ ਨੇ ਲਾਲਾ ਜੀ ਦੇ ਜਨਮ ਸਥਾਨ ਦੇ ਵਿਕਾਸ ਲਈ ਸਿਰਫ਼ ਯੋਜਨਾਵਾਂ ਬਣਾਈਆਂ; ਅਸੀਂ ਜ਼ਮੀਨੀ ਪੱਧਰ ‘ਤੇ ਕੰਮ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੈਂ ਅਗਲੇ ਸਾਲ ਲਾਲਾ ਜੀ ਦੇ ਜਨਮ ਦਿਨ ‘ਤੇ ਵਾਪਸ ਆਵਾਂਗਾ; ਉਦੋਂ ਤੱਕ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਢੁੱਡੀਕੇ, ਮੋਗਾ ਵਿਖੇ 71ਵੇਂ ‘ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ ਮੇਲੇ’ ਦੌਰਾਨ ਕਬੱਡੀ ਮੁਕਾਬਲੇ ਦਾ ਕੀਤਾ ਉਦਘਾਟਨ
ਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਲਾਂਭੇ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨਾਲ ਕਬੱਡੀ ਮੈਚ ਦੇਖਿਆ

ਮੋਗਾ (ਵਿਮਲ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਸੀਵਰੇਜ, ਟੋਭੇ, ਖੇਡ ਮੈਦਾਨ ਸਮੇਤ ਹੋਰ ਸਾਰੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ। 71ਵੇਂ ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ ਮੇਲੇ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਖੁਦ ਲਈ ਯੋਜਨਾਵਾਂ ਬਣਾਉਣ ਤੱਕ ਸੀਮਤ ਸਨ ਜਦੋਂ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਇੱਕ ਸਾਲ ਦੇ ਅੰਦਰ ਜ਼ਮੀਨੀ ਪੱਧਰ ‘ਤੇ ਕੰਮ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਉਹ ਲਾਲਾ ਜੀ ਦੇ ਅਗਲੇ ਜਨਮ ਦਿਵਸ ‘ਤੇ ਇਹਨਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਉੱਤੇ ਵਾਪਸ ਆਉਣਗੇ। ਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਪਾਸੇ ਰੱਖ ਕੇ, ਲੋਕਾਂ ਨਾਲ ਆਪਣੀ ਸਾਂਝ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪਿੰਡ ਵਾਸੀਆਂ ਨਾਲ ਮਿਲ ਕੇ ਪੇਂਡੂ ਖੇਡ ਮੇਲੇ ਦੌਰਾਨ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ ਯਾਦ ਵਿੱਚ ਕਰਵਾਏ ਕਬੱਡੀ ਅਤੇ ਹਾਕੀ ਟੂਰਨਾਮੈਂਟ ਦਾ ਆਨੰਦ ਮਾਣਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨਾਲ ਸੈਲਫੀ ਲੈਂਦੇ ਹੋਏ ਅਤੇ ਬਜ਼ੁਰਗਾਂ ਤੋਂ ਆਸ਼ੀਰਵਾਦ ਲੈਂਦੇ ਹੋਏ ਕਿਹਾ, “ਮੈਂ ਇੱਕ ਆਮ ਵਿਅਕਤੀ ਹਾਂ ਅਤੇ ਆਪਣੇ ਭਰਾਵਾਂ ਤੇ ਬਜ਼ੁਰਗਾਂ ਨਾਲ ਇਸ ਪੇਂਡੂ ਖੇਡ ਮੇਲੇ ਨੂੰ ਦੇਖਣ ਲਈ ਆਇਆ ਹਾਂ, ਜੋ ਸਾਡੀ ਰੂਹ ਦਾ ਹਿੱਸਾ ਹੈ ਅਤੇ ਮੈਨੂੰ ਆਪਣੇ ਲੋਕਾਂ ਨਾਲ ਮਿਲ ਕੇ ਬਹੁਤ ਖੁਸ਼ੀ ਮਿਲਦੀ ਹੈ।” ਇਸ ਦੌਰਾਨ ਰੋਮਾਂਚਕ ਕਬੱਡੀ ਮੈਚ ਦੇਖਣ ਲਈ ਪਹੁੰਚੇ ਦਰਸ਼ਕਾਂ ਨੂੰ ਮਿਲਦਿਆਂ ਮੁੱਖ ਮੰਤਰੀ ਨੇ ਆਪਣੇ ਸੁਰੱਖਿਆ ਪ੍ਰੋਟੋਕੋਲ ਨੂੰ ਇਕ ਪਾਸੇ ਰੱਖ ਕੇ ਖਿਡਾਰੀਆਂ ਨਾਲ ਨਿੱਜੀ ਤੌਰ ‘ਤੇ ਹੱਥ ਮਿਲਾਇਆ ਜੋ ਲੋਕਾਂ ਨਾਲ ਉਨ੍ਹਾਂ ਦੀ ਡੂੰਘੀ ਸਾਂਝ ਨੂੰ ਦਰਸਾਉਂਦਾ ਹੈ। ਇਸ ਮੌਕੇ ਭੀੜ ਨੇ ਜ਼ੋਰਦਾਰ ਤਾੜੀਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ, “ਇਹ ਸਮਾਗਮ ਪੰਜਾਬ ਦੇ ਪ੍ਰਸਿੱਧ ਆਜ਼ਾਦੀ ਘੁਲਾਟੀਏ, ਲਾਲਾ ਲਾਜਪਤ ਰਾਏ ਦੇ ਜਨਮ ਦਿਵਸ ਦੀ ਯਾਦ ਵਿੱਚ ਕਰਵਾਏ ਟੂਰਨਾਮੈਂਟ ਦਾ ਹਿੱਸਾ ਹੈ।” ਉਨ੍ਹਾਂ ਕਿਹਾ ਕਿ “ਭਾਰਤੀ ਆਜ਼ਾਦੀ ਸੰਗਰਾਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਮਹਾਨ ਰਾਸ਼ਟਰਵਾਦੀ ਦੀ ਵਿਰਾਸਤ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।” ਰਵਾਇਤੀ ਲੋਕ ਸੰਗੀਤ ਅਤੇ ਜਸ਼ਨਾਂ ਦਰਮਿਆਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਪੰਜਾਬ ਦੀਆਂ ਦੇਸੀ ਖੇਡਾਂ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।” ਉਨ੍ਹਾਂ ਕਿਹਾ ਕਿ “ਕਬੱਡੀ, ਬੈਲ ਗੱਡੀਆਂ ਦੀ ਦੌੜ ਅਤੇ ਹੋਰ ਰਵਾਇਤੀ ਖੇਡਾਂ ਸਿਰਫ਼ ਖੇਡਾਂ ਹੀ ਨਹੀਂ ਹਨ ਸਗੋਂ ਸਾਡੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ।”

ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੇਡਾਂ ਪੰਜਾਬੀਆਂ ਦੀ ਭਾਵਨਾ, ਤਾਕਤ ਅਤੇ ਏਕਤਾ ਨੂੰ ਦਰਸਾਉਂਦੀਆਂ ਹਨ ਅਤੇ ਪੀੜ੍ਹੀ ਦਰ ਪੀੜ੍ਹੀ ਅੱਗੇ ਵਧਦੀਆਂ ਆਈਆਂ ਹਨ।” ਖੇਡਾਂ ਨੂੰ ਹੁਲਾਰਾ ਦੇਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡ ਖੇਤਰ ਵਿੱਚ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਹ ਰਵਾਇਤੀ ਖੇਡਾਂ ਇੱਕ ਵਾਰ ਫਿਰ ਪ੍ਰਫੁੱਲਤ ਹੋਣ ਅਤੇ ਸਾਡੇ ਪਿੰਡਾਂ ਨੌਜਵਾਨਾਂ ਨੂੰ ਚਮਕਣ ਲਈ ਪਲੇਟਫਾਰਮ ਪ੍ਰਦਾਨ ਕਰਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਕਿਲਾ ਰਾਏਪੁਰ ਵਿਖੇ ਹੋਣ ਵਾਲੇ ਵੱਕਾਰੀ ਮਿੰਨੀ ਓਲੰਪਿਕ ਵਿੱਚ ਹਿੱਸਾ ਲੈਣ ਲਈ ਸੱਦਾ ਦਿੰਦਿਆਂ ਕਿਹਾ ਕਿ ਇਹ ਖੇਡਾਂ 31 ਜਨਵਰੀ ਤੋਂ ਸ਼ੁਰੂ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਕਿ 16 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਹੋਣਾ ਆਕਰਸ਼ਣ ਦਾ ਮੁੱਖ ਕੇਂਦਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਡੀਆਂ ਅਮੀਰ ਪਰੰਪਰਾਵਾਂ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਦੀ ਖੇਡ ਵਿਰਾਸਤ ਨੂੰ ਮਨਾਉਣ ਦਾ ਸੁਨਹਿਰੀ ਮੌਕਾ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ ਪਿੰਡ ਢੁੱਡੀਕੇ ਦੀ ਪੰਚਾਇਤ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਨਵੀਂ ਸੀਵਰੇਜ ਲਾਈਨ ਵਿਛਾਉਣਾ, ਪਿੰਡ ਦੇ ਛੱਪੜ ਦਾ ਨਵੀਨੀਕਰਨ, ਇੱਕ ਆਧੁਨਿਕ ਖੇਡ ਮੈਦਾਨ ਦਾ ਵਿਕਾਸ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਹੋਰ ਬੁਨਿਆਦੀ ਢਾਂਚਾ ਪ੍ਰਾਜੈਕਟ ਸ਼ਾਮਲ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਡੇ ਸਿਹਤ ਸੁਧਾਰ ਪ੍ਰੋਗਰਾਮ ਵਜੋਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪੰਜਾਬੀ ਪਰਿਵਾਰ ਨੂੰ ਹੁਣ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਇੱਕ ਪਰਿਵਾਰ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਜਿਸ ਨੂੰ ਹੁਣ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਣਾਈ ਗਈ ਇਸ ਮਹੱਤਵਪੂਰਨ ਯੋਜਨਾ ਤੋਂ ਲਗਭਗ 65 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਆਜ਼ਾਦੀ ਦੇ 70 ਸਾਲਾਂ ਤੋਂ ਵੱਧ ਸਮੇਂ ਬਾਅਦ ਵੀ ਪੰਜਾਬ ਆਪਣੀ ਖੁਦ ਦੀ ਰਾਜਧਾਨੀ ਅਤੇ ਹਾਈ ਕੋਰਟ ਤੋਂ ਵਾਂਝਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਮੁੜ ਹਾਸਲ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਭਲ਼ਾਈ ਦੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਜਹਾਜ਼ ਹਾਦਸੇ ਵਿੱਚ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ੇ। ਮੁੱਖ ਮੰਤਰੀ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਦਵਿੰਦਰ ਸਿੰਘ ਲਾਡੀ ਢੋਸ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਅਮਨਦੀਪ ਕੌਰ ਅਤੇ ਹੋਰ ਵੀ ਮੌਜੂਦ ਸਨ।

Check Also

जालंधर प्रोफेशनल फोटोग्राफर एसोसिएशन ने उत्साहपूर्वक मनाया 77वां गणतंत्र दिवस

पेमा अध्यक्ष सुरिंदरपाल ने फहराया तिरंगा; संविधान निर्माता डॉ. अंबेडकर और शहीदों की कुर्बानियों को …

Leave a Reply

Your email address will not be published. Required fields are marked *