ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਤੱਕ ਸ਼ੰਘਰਸ਼ ਜਾਰੀ ਰਹੇਗਾ – ਸੁਖਜੀਤ ਸਿੰਘ ਡਿੰਪੀ
8 ਮਾਰਚ ਨੂੰ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰਜ਼ ਵਿਧਾਨ ਸਭਾ ਦਾ ਘਿਰਾਓ ਕਰਨਗੇ
ਜਲੰਧਰ (ਅਰੋੜਾ) :- ਸੀ.ਪੀ.ਐਫ ਕਰਮਚਾਰੀ ਯੂਨੀਅਨ ਅਤੇ ਪੀ.ਐਸ.ਐਮ.ਐਸ.ਯੂ ਵੱਲੋਂ ਸਾਂਝੇ ਤੌਰ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁੱਤਲਾ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਬਾਹਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਸਾੜਿਆ। ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮ ਮੰਗਾਂ ਤੇ ਲਗਾਤਾਰ ਟਾਲਮਟੌਲ ਕਰਦੀ ਆ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਪ੍ਰਤੀ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਪੰਜਾਬ ਦੀ ਕਹਿਣੀ ਤੇ ਕਥਨੀ ਵਿੱਚ ਬਹੁਤ ਵੱਡਾ ਫਰਕ ਹੈ ਕਿਉਕਿ ਅੱਜ ਤੱਕ ਕੋਈ ਵੀ ਸਰਕਾਰ ਮੁਲਾਜ਼ਮਾਂ ਨਾਲ ਮੀਟਿੰਗਾਂ ਕਰਨ ਤੋਂ ਨਹੀਂ ਭੱਜੀ ਪਰ ਮੌਜੂਦਾ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਹੋਏ ਵਆਦਿਆਂ ਤੋਂ ਤਾਂ ਭੱਜ ਹੀ ਰਹੀ ਹੈ ਬਲਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਨਾਂਹ ਕੀਤੀ ਜਾ ਰਹੀ ਹੈ।


ਪੀ.ਐਸ.ਐਮ.ਐਸ.ਯੂ ਜਲੰਧਰ ਦੇ ਜਨਰਲ ਸਕੱਤਰ ਵਿਨੋਦ ਸਾਗਰ ਨੇ ਕਿਹਾ ਕਿ ਹੁਣ ਪੰਜਾਬ ਦੀਆਂ ਸਾਰੀਆਂ ਜੱਥੇਬੰਦੀਆਂ ਇੱਕਜੁੱਟ ਹੋ ਚੁੱਕੀਆਂ ਹਨ। ਜਿਸ ਦਾ ਪੰਜਾਬ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਮਿਆਜ਼ਾ ਭੁਗਤਣਾ ਪਵੇਗਾ। ਅਖੀਰ ਵਿੱਚ ਜੋ਼ਰਾਵਾਰ ਸਿੰਘ ਚੇਅਰਮੈਨ ਨੇ ਦੱਸਿਆ ਕਿ 8 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਦਾ ਮੁਲਾਜ਼ਮ ਤੇ ਪੈਨਸ਼ਨਰਜ਼ 8 ਮਾਰਚ ਨੂੰ ਵਾਈ.ਪੀ.ਐਸ ਚੋਂਕ ਮੁਹਾਲੀ ਵਿਖੇ ਇੱਕਠਾ ਹੋ ਕੇ ਵਿਧਾਨ ਸਭਾ ਦਾ ਘਿਰਾਓ ਕਰੇਗਾ। ਜਿਸ ਦੀ ਸਮੁੱਚੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਅਮਨਦੀਪ ਸਿੰਘ, ਤਰਸੇਮ ਕੁਮਾਰ, ਰਿਸ਼ੀ ਕੁਮਾਰ, ਰਵਿੰਦਰ ਕੁਮਾਰ, ਅਮਰਪ੍ਰੀਤ ਸਿੰਘ, ਦਵਿੰਦਰ ਭੱਟੀ, ਸੰਗਤ ਰਾਮ, ਨਵਜੋਤ, ਸੁਖਵਿੰਦਰ ਸਿੰਘ, ਯੋਗਰਾਜ ਸਿੰਘ, ਮੁਨੀਸ਼ ਸੈਣੀ, ਮਨਪ੍ਰੀਤ ਸਿੰਘ, ਕ੍ਰਿਪਾਲ ਸਿੰਘ, ਹਰਪ੍ਰੀਤ ਸਿੰਘ, ਮੁਨੀਸ਼ ਮੱਕੜ, ਰਾਕੇਸ਼ ਕੁਮਾਰ, ਪ੍ਰੇਮ ਮਹਿਤਾ, ਬਲਜੀਤ ਕੁਮਾਰ, ਕਸ਼ਮੀਰੀ ਲਾਲ, ਦਵਿੰਦਰ ਸਿੰਘ, ਵਿਜੈ ਕੁਮਾਰ, ਸੁਨੀਤਾ, ਪੁਸ਼ਪਿੰਦਰ ਕੋਰ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।
JiwanJotSavera