ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੱਲੋਂ ਲੋਕ ਭਲਾਈ ਯੋਜਨਾਵਾਂ ਦੀ ਸਮੀਖਿਆ

ਐਮ.ਪੀ. ਲੈਂਡ ਤਹਿਤ ਦਿੱਤੀਆਂ ਗ੍ਰਾਂਟਾਂ ਨੂੰ ਜਲਦ ਖਰਚ ਕਰਨ ਦੇ ਨਿਰਦੇਸ਼
ਲੋੜਵੰਦਾਂ ਨੂੰ ਘਰ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਾਲੀਆਂ ਯੋਜਨਾਵਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼

ਮੋਗਾ (ਵਿਮਲ) :- ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਅੱਜ ਲੋਕ ਸਭਾ ਹਲਕਾ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਉਹਨਾਂ ਜ਼ਿਲ੍ਹਾ ਮੋਗਾ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸਮੁਖੀ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ। ਸੰਸਦ ਮੈਂਬਰ ਨੇ ਮੀਟਿੰਗ ਦੌਰਾਨ ਬੱਚਿਆਂ, ਮਹਿਲਾਵਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਭਲਾਈ ਨਾਲ ਸਬੰਧਤ ਸਰਕਾਰੀ ਯੋਜਨਾਵਾਂ ਦੀ ਵੀ ਵਿਸ਼ੇਸ਼ ਤੌਰ ’ਤੇ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਪੋਸ਼ਣ, ਮਹਿਲਾ ਸਸ਼ਕਤੀਕਰਨ ਅਤੇ ਕਮਜ਼ੋਰ ਵਰਗਾਂ ਲਈ ਰਿਹਾਇਸ਼, ਰੋਜ਼ਗਾਰ ਤੇ ਵਿੱਤੀ ਸਹਾਇਤਾ ਨਾਲ ਸਬੰਧਤ ਸਕੀਮਾਂ ਦੀ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਨਿਗਰਾਨੀ ਕੀਤੀ ਜਾਵੇ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ, ਪਾਰਦਰਸ਼ਤਾ ਅਤੇ ਸਮੇਂ ਸਿਰ ਮੁਕੰਮਲਤਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਅਸਲ ਮਕਸਦ ਤਾਂ ਹੀ ਪੂਰਾ ਹੋ ਸਕਦਾ ਹੈ ਜਦੋਂ ਇਨ੍ਹਾਂ ਦਾ ਸਿੱਧਾ ਲਾਭ ਸਮਾਜ ਦੇ ਆਖਰੀ ਵਰਗ ਤੱਕ ਪਹੁੰਚੇ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪੋ-ਆਪਣੇ ਵਿਭਾਗ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਬਾਰੇ ਸੰਸਦ ਮੈਂਬਰ ਨੂੰ ਜਾਣੂੰ ਕਰਵਾਇਆ। ਸੰਸਦ ਮੈਂਬਰ ਵੱਲੋਂ ਧਰਮਕੋਟ ਸਬ-ਡਵੀਜ਼ਨ ਵਿੱਚ ਹੜ੍ਹਾਂ ਤੋਂ ਲੋਕਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਉਹਨਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਨੂੰ ਜੰਗੀ ਪੱਧਰ ’ਤੇ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਲੋਕਾਂ ਅਤੇ ਉਨ੍ਹਾਂ ਦੀ ਸੰਪਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਐੱਮ.ਪੀ. ਲੈਡਜ਼ ਫੰਡਾਂ ਦੀ ਪ੍ਰਗਤੀ ਬਾਰੇ ਸੰਸਦ ਮੈਂਬਰ ਨੇ ਕਿਹਾ ਕਿ ਇਨ੍ਹਾਂ ਫੰਡਾਂ ਦੀ ਪਾਰਦਰਸ਼ੀ ਅਤੇ ਲੋਕ ਹਿੱਤ ਵਿੱਚ ਪੂਰੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਅਤੇ ਪੇਂਡੂ ਖੇਤਰਾਂ ਵਿੱਚ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਇਨ੍ਹਾਂ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਮੀਟਿੰਗ ਦੌਰਾਨ ਮਹਾਤਮਾ ਗਾਂਧੀ ਰਾਸ਼ਟਰੀ ਦਿਹਾਤੀ ਰੋਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਜ਼ਿਲ੍ਹਾ ਮੋਗਾ ਵਿੱਚ ਮਨਰੇਗਾ ਤਹਿਤ ਕਰੀਬ 55 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਯੋਜਨਾ ਤਹਿਤ 10 ਲੱਖ ਤੋਂ ਵੱਧ ਮਜ਼ਦੂਰਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ ਹਨ ਅਤੇ ਇਸ ਦੇ ਬਦਲੇ ਕਰੀਬ 36 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਮਨਰੇਗਾ ਤਹਿਤ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨਾਲ-ਨਾਲ ਕਈ ਖੇਡ ਸਟੇਡੀਅਮ ਵੀ ਤਿਆਰ ਕੀਤੇ ਗਏ ਹਨ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੈ-ਸਹਾਇਤਾ ਗਰੁੱਪਾਂ ਨੂੰ ਕਰੀਬ 86 ਲੱਖ ਰੁਪਏ ਦੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਮਹਿਲਾਵਾਂ ਅਤੇ ਹੋਰ ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਆਸਾਨ ਦਰਾਂ ’ਤੇ ਕਰਜ਼ੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਫੋਟੋ ਕੈਪਸ਼ਨ- ਲੋਕ ਸਭਾ ਹਲਕਾ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ। ਨਾਲ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਰ (ਜ) ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ।

Check Also

लायंस क्लब जालंधर द्वारा दो सेवा प्रोजेक्ट संपन्न

जालंधर (अरोड़ा) :- लायंस क्लब जालंधर ने सेवा के प्रकल्पों की लड़ी को आगे बढ़ाते …