ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਗਈਆਂ ਕਿਸਾਨ ਹਿੱਤ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ

ਮੋਗਾ (ਕਮਲ) :- ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਾਉਣ, ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ, ਵਾਤਾਵਰਣ ਬਚਾਉਣ, ਅਣਮੋਲ ਖਜ਼ਾਨਾ ਪਾਣੀ ਦੀ ਸੁਚੱਜੀ ਵਰਤੋ ਕਰਨ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਮਿੱਟੀ ਪਰਖ ਦੀ ਮਹੱਤਤਾ ਸਬੰਧੀ ਕਿਸਾਨਾਂ ਨੂੰ ਜਾਗ੍ਰਿਤ ਕਰਨ ਦੇ ਸੰਦਰਭ ਵਿਚ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ, ਪਿੰਡ ਖੋਸਾ ਪਾਂਡੋ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਮੋਗਾ ਵੱਲੋਂ ਲਗਾਇਆ ਗਿਆ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ੍ਰ ਹਰਜਿੰਦਰ ਸਿੰਘ ਰੋਡੇ ਚੇਅਰਮੈਨ ਮਾਰਕੀਟ ਕਮੇਟੀ ਮੋਗਾ ਨੇ ਸ਼ਿਰਕਤ ਕੀਤੀ। ਕੈਂਪ ਦਾ ਉਦਘਾਟਨ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਪਾਂਡੋ ਵੱਲੋਂ ਕੀਤਾ ਗਿਆ। ਕੈਂਪ ਦੌਰਾਨ ਖੇਤੀਬਾੜੀ ਮਾਹਿਰਾਂ ਵੱਲੋਂ ਪਾਣੀ ਅਤੇ ਫ਼ਸਲਾਂ ਲਈ ਜ਼ਰੂਰੀ ਤੱਤਾਂ ਸਬੰਧੀ, ਸਾਉਣੀ ਦੀਆਂ ਫਸਲਾਂ ਦੇ ਕੀੜੇ ਮਕੌੜਿਆਂ, ਸਬਜ਼ੀਆਂ ਦੀ ਕਾਸ਼ਤ, ਫੂਡ ਪ੍ਰੋਸੈਸਿੰਗ, ਪੈਕਿੰਗ ਅਤੇ ਮਾਰਕੀਟਿੰਗ, ਪਸ਼ੂਆਂ ਵਿਚ ਸੰਤੁਲਤ ਖੁਰਾਕ ਅਤੇ ਬਿਮਾਰੀਆਂ ਅਤੇ ਹੋਰ ਵਿਸ਼ਿਆਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਮੁੱਖ ਮਹਿਮਾਨ ਸ੍ਰ ਹਰਜਿੰਦਰ ਸਿੰਘ ਰੋਡੇ ਚੇਅਰਮੈਨ ਮਾਰਕੀਟ ਕਮੇਟੀ ਮੋਗਾ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਹੇਠ ਰਕਬਾ ਘਟਾ ਕੇ ਹੋਰ ਫ਼ਸਲਾਂ ਦੀ ਬਿਜਾਈ ਕਰਨ ਦੀ ਅਪੀਲ ਕੀਤੀ। ਉਨਾਂ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਲਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਵੇਖੋ ਵੇਖੀ ਜ਼ਹਿਰਾਂ ਅਤੇ ਖਾਦਾਂ ਦੀ ਵਰਤੋ ਨਾ ਕਰਨ। ਇਸ ਸਬੰਧੀ ਖੇਤੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਹੀ ਸਪਰੇਆਂ ਕਰਨ। ਇਸ ਸਮੇਂ ਡਾ. ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਕਿਸਾਨ ਹਿੱਤ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਸਾਉਣੀ ਸੀਜ਼ਨ ਦੌਰਾਨ ਵਰਤੀਆਂ ਜਾਣ ਵਾਲੀਆਂ ਖਾਦਾਂ, ਪੈਸਟੀਸਾਈਡਜ਼ ਅਤੇ ਬੀਜਾਂ ਦੇ ਵਿਭਾਗ ਵੱਲੋਂ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਬਿਜਲੀ ਸਪਲਾਈ ਵੀ ਮੁਹੱਈਆ ਕਰਵਾਈ ਗਈ ਹੈ।

ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਕਿਸਾਨ ਸਿਖਲਾਈ ਕੈਂਪ ਵਿਚ ਆਏ ਸੀਨੀਅਰ ਅਧਿਕਾਰੀਆਂ, ਪੀ.ਏ.ਯੂ ਦੀ ਸਮੁੱਚੀ ਟੀਮ, ਕਿਸਾਨਾਂ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਆਏ ਅਫ਼ਸਰ ਸਹਿਬਾਨਾਂ ਨੂੰ ਜੀ ਆਇਆਂ ਕਿਹਾ ਅਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਹਮੇਸ਼ਾ ਹੀ ਕਿਸਾਨਾਂ ਦੀ ਸੇਵਾ ਵਿਚ ਹਾਜਰ ਹੈ ਅਤੇ ਮਾਨਯੋਗ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰ ਕਿਸਾਨ ਨੂੰ ਉਚ ਮਿਆਰ ਦੀਆਂ ਦਵਾਈਆਂ, ਖਾਦਾਂ ਅਤੇ ਬੀਜ ਮੁੱਹਈਆ ਕਰਾਉਣ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਖੇਤੀ ਇਨਪੁਟਸ ਦੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਖਾਦ ਦੇ ਨਾਲ ਕਿਸੇ ਵੀ ਬੇਲੋੜੇ ਸਮਾਨ ਦੀ ਟੈਗਿੰਗ ਨਹੀ ਹੋਣ ਦਿੱਤੀ ਜਾਵੇਗੀ। ਨਰਮੇ ਦੀ ਖੇਤੀ ਨੂੰ ਪ੍ਰਫੁੱਲਤ ਕਰਨ ਲਈ ਜ਼ਿਲ੍ਹੇ ਵਿਚ ਕਈ ਹੈਕਟੇਅਰ ਰਕਬੇ ਵਿਚ ਨਰਮੇ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ। ਇਸੇ ਤਰ੍ਹਾਂ ਵੱਡੇ ਰਕਬੇ ਦੀਆਂ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਜ਼ਮੀਨ ਸੁਧਾਰ ਪ੍ਰੋਗਰਾਮ ਅਧੀਨ ਜਿਪਸਮ ਉਪਦਾਨ ਤੇ ਦਿੱਤੀ ਜਾ ਰਹੀ ਹੈ। ਕਿਸਾਨ ਸਿਖਲਾਈ ਕੈਂਪ ਵਿਚ ਖੇਤੀ ਵਿਭਾਗ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਅਲਾਈਡ ਵਿਭਾਗਾਂ ਦੇ ਅਧਿਕਾਰੀਆਂ ਅਤੇ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਸਮੇਂ ਵੱਖ ਵੱਖ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਦਾ ਆਯੋਜਨ ਵੀ ਕੀਤਾ ਗਿਆ ਜਿਨ੍ਹਾਂ ਨੂੰ ਕਿਸਾਨਾਂ ਨੇ ਬੜੀ ਤੀਬਰਤਾ ਨਾਲ ਵੇਖਿਆ। ਸਟੇਜ ਦਾ ਸੰਚਾਲਨ ਡਾ. ਨਵਦੀਪ ਜੋੜਾ ਅਤੇ ਡਾ. ਬਲਜਿੰਦਰ ਸਿੰਘ ਨੇ ਨਿਭਾਇਆ। ਇਸ ਮੌਕੇ ਜਸਵਿੰਦਰ ਸਿੰਘ ਬਰਾੜ ਸੇਵਾ ਮੁਕਤ ਡਿਪਟੀ ਡਾਇਰੈਕਟਰ, ਖੇਤੀਬਾੜੀ ਵਿਕਾਸ ਅਫ਼ਸਰ ਡਾਕਟਰ ਸੁਖਰਾਜ ਕੌਰ ਦਿਓਲ ਅਤੇ ਹੋਰ ਕਈ ਸਖ਼ਸ਼ੀਅਤਾਂ ਹਾਜ਼ਰ ਸਨ।

Check Also

ਵਿਧਾਇਕ ਦਵਿੰਦਰਜੀਤ ਸਿੰਘ ਨੇ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਧਰਮਕੋਟ ਦੇ ਸਕੂਲਾਂ ਲਈ 67.91 ਰੁਪਏ ਦੇ ਵਿਕਾਸ ਕਾਰਜ ਆਰੰਭ ਕਰਵਾਏ

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਬੁਲੰਦੀਆਂ ਨੂੰ ਛੂਹ ਰਿਹੈ ਸਿੱਖਿਆ ਖੇਤਰ ਮੋਗਾ (ਕਮਲ) :- ਪੰਜਾਬ …

Leave a Reply

Your email address will not be published. Required fields are marked *