ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਜਾਂ ਗੱਠਾਂ ਬਣਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ
ਕਿਹਾ ! ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ
ਮੋਗਾ (ਵਿਮਲ) :- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੀਆਂ ਘਟਵਾਨਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਅਤੇ ਫ਼ਸਲੀ ਰਹਿੰਦ-ਖੂੰਹਦ ਦੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਈ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਸਮੂਹ ਐਸ.ਡੀ.ਐਮਜ, ਖੇਤੀਬਾੜੀ ਵਿਭਾਗ, ਪੁਲਿਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਉਹਨਾਂ ਨਾਲ ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸਵਾਤੀ, ਐਸ.ਡੀ.ਐਮ. ਬਾਘਾਪੁਰਾਣਾ ਬੇਅੰਤ ਸਿੰਘ. ਮੁੱਖ ਖੇਤੀਬਾੜੀ ਅਫ਼ਸਰ ਮੋਗਾ ਗੁਰਪ੍ਰੀਤ ਸਿੰਘ ਸਮੇਤ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਹੋਰ ਅਧਿਕਾਰੀ ਵੀ ਹਾਜਰ ਸਨ। ਉਹਨਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਮੌਜੂਦਾ ਸਾਲ ਦੌਰਾਨ ਕਿਸਾਨਾਂ ਨੂੰ 300 ਆਧੁਨਿਕ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 4800 ਦੇ ਕਰੀਬ ਮਸ਼ੀਨਰੀ ਪਹਿਲਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਕੋਲ ਉਪਲੱਬਧ ਹਨ। ਉਹਨਾਂ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਆਪਣੇ ਖੇਤਾਂ ਵਿੱਚ ਵਾਹ ਕੇ ਜਾਂ ਇਸਦੀਆਂ ਗੱਠਾਂ ਬਣਵਾ ਕੇ ਇਸਦੀ ਸੁਚੱਜੀ ਸਾਭ ਸੰਭਾਲ ਲਈ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਵੱਲੋਂ ਨਾੜ/ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸਬੰਧਤ ਕਿਸਾਨ ਦੇ ਜਮੀਨ ਦੀ ਗਿਰਦਾਵਰੀ ਵਿੱਚ ਲਾਲ ਅੱਖਰਾਂ ਵਿੱਚ ਇੰਦਰਾਜ ਕਰ ਦਿੱਤਾ ਜਾਵੇਗਾ।

ਪਰਾਲੀ ਸਾੜਨ ਦੀਆਂ ਘਟਨਾਵਾਂ ਉਪਰ ਨਜਰਸਾਨੀ ਤੇ ਕਾਰਵਾਈ ਲਈ ਜ਼ਿਲ੍ਹੇ ਵਿੱਚ 27 ਕਲੱਸਟਰ ਅਫ਼ਸਰ ਤੇ 152 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਸਮੂਹ ਕੰਬਾਈਨ ਮਾਲਕਾਂ ਤੇ ਆਪਰੇਟਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਜਾਣੂੰ ਕਰਵਾਇਆ ਗਿਆ ਹੈ ਕਿ ਕੋਈ ਵੀ ਮਸ਼ੀਨ ਬਿਨ੍ਹਾਂ ਸੁਪਰ ਐਸ.ਐਮ.ਐਸ. ਸਿਸਟਮ ਤੋਂ ਨਾ ਚਲਾਈ ਜਾਵੇ ਅਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਦੇ ਮਨਾਹੀ ਹੁਕਮ ਵੀ ਜਾਰੀ ਕੀਤੇ ਗਏ ਹਨ। ਜੇਕਰ ਅਜਿਹਾ ਮਾਮਲਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਤੁਰੰਤ ਪ੍ਰਭਾਵ ਨਾਲ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ 40 ਪਿੰਡਾਂ ਵਿੱਚ 62 ਏਕੜ ਜਮੀਨ ਅੰਦਰ ਝੋਨੇ ਦੀ ਪਰਾਲੀ ਦੀਆਂ ਗੱਠਾਂ ਸਾਂਭਣ ਲਈ ਸਟੋਰੇਜ ਥਾਵਾਂ ਬਣਾਈਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬੀਤੇ ਸਾਲ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਪ੍ਰੇਰਿਤ ਕੀਤਾ ਗਿਆ ਹੈ। ਉਹਨਾਂ ਕੋਆਪਰੇਟਿਵ ਸੋਸਾਇਟੀ ਤੋਂ ਆਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਉਪਲੱਭਧ ਮਸ਼ੀਨਰੀ ਬਿਲਕੁਲ ਚਾਲੂ ਹਾਲਤ ਵਿੱਚ ਹੋਣੀ ਚਾਹੀਦੀ ਹੈ, ਕਟਾਈ ਤੋਂ ਪਹਿਲਾਂ ਪਹਿਲਾਂ ਇਸਨੂੰ ਸੁਨਿਸ਼ਚਿਤ ਕਰ ਲਿਆ ਜਾਵੇ, ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਸਮੂਹ ਥਾਣਾ ਮੁਖੀਆਂ ਨੂੰ ਆਪਣੇ ਪੱਧਰ ਤੇ ਹਾਟਸਪਾਟ ਪਿੰਡਾਂ ਦਾ ਨਿੱਜੀ ਤੌਰ ਤੇ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਅੱਗ ਲਗਾਉਣ ਤੋਂ ਬਾਅਦ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਪਰਾਲੀ ਸਾੜਨ ਦੀ ਪ੍ਰਥਾ ਨੂੰ ਜ਼ਿਲ੍ਹੇ ਅੰਦਰ ਮੁਕੰਮਲ ਤੌਰ ਤੇ ਨੱਥ ਪਾਈ ਜਾ ਸਕੇ। ਉਹਨਾਂ ਸਮੂਹ ਐਸ.ਡੀ.ਐਮਜ ਨੂੰ ਵੀ ਕਲੱਸਟਰ ਪੱਧਰ ਤੇ ਮੀਟਿੰਗਾਂ ਕਰਕੇ ਝੋਨੇ ਦੀ ਪਰਾਲੀ ਸਾੜਨ ਦੀ ਪ੍ਰਥਾ ਦੇ ਮੁਕੰਮਲ ਖਾਤਮੇ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ।