ਨੌਜਵਾਨ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ-ਜਿਲ੍ਹਾ ਰੋਜਗਾਰ ਅਫ਼ਸਰ
ਮੋਗਾ (ਵਿਮਲ) :- ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਸਕਿੱਲ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਡਿੰਪਲ ਥਾਪਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਜਿਨ੍ਹਾਂ ਨੌਜਵਾਨਾਂ ਨੇ ਅਗਨੀਵੀਰ ਭਰਤੀ ਦੀ ਲਿਖਤੀ ਪ੍ਰੀਖਿਆ ਪਾਸ ਕੀਤੀ ਹੈ, ਉਹ ਨੌਜਵਾਨ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਮੋਗਾ ਜ਼ਿਲ੍ਹੇ ਦੇ ਨੌਜਵਾਨਾਂ ਦੀ ਫਿਜ਼ੀਕਲ ਟੈਸਟ ਦੀ ਟ੍ਰੇਨਿੰਗ 18 ਅਗਸਤ 2025 ਤੋਂ ਸ਼ੁਰੂ ਹੋ ਗਈ ਹੈ ਤੇ ਭਰਤੀ ਮਿਤੀ 01 ਨਵੰਬਰ ਤੋਂ 08 ਨਵੰਬਰ 2025 ਤੱਕ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋ ਰਹੀ ਹੈ। ਨੌਜਵਾਨ ਸਵੇਰੇ 9:00 ਵਜੇ ਤੋਂ 11:30 ਵਜੇ ਤੱਕ ਕੈਂਪ ਵਿੱਚ ਪਹੁੰਚ ਕੇ ਐਡਮਿਸ਼ਨ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਨੌਜਵਾਨ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ/ਫੋਟੋ ਕਾਪੀ, ਪੰਜਾਬ ਰੈਜੀਡੈਂਸ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ, ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਜਾਣ। ਨੌਜਵਾਨ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 73476-66557 ਤੇ ਸੰਪਰਕ ਕੀਤਾ ਜਾ ਸਕਦਾ ਹੈ।