ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਰੋਹ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 20 ਨਵੰਬਰ ਨੂੰ ਮੋਗਾ ਵਿੱਚੋਂ ਗੁਜਰੇਗਾ
ਮੋਗਾ ਵਿਖੇ ਹੋਵੇਗਾ ਅਲੌਕਿਕ ਲਾਈਟ ਐਂਡ ਸਾਊਂਡ ਸ਼ੋਅ-ਕੈਬਨਿਟ ਮੰਤਰੀ
ਗੁਰ ਸਾਹਿਬ ਦੇ ਪਵਿੱਤਰ ਤੇ ਇਤਿਹਾਸਕ ਸਮਾਰੋਹਾਂ ਨੂੰ ਸ਼ਰਧਾ ਤੇ ਅਨੁਸ਼ਾਸਨ ਨਾਲ ਮਨਾਇਆ ਜਾਵੇਗਾ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਪਵਿੱਤਰ ਸਮਾਰੋਹ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਦੀ ਪ੍ਰੇਰਣਾ ਦੇਣਗੇ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਨੇ ਕੀਤੀ ਮੋਗਾ ਪ੍ਰਸ਼ਾਸ਼ਨ ਨਾਲ ਵਿਸ਼ੇਸ਼ ਮੀਟਿੰਗ
ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਰੋਹਾਂ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਪੰਜਾਬ ਸਰਕਾਰ ਇਸਨੂੰ ਵਿਸ਼ਵ ਪੱਧਰੀ ਸਮਾਰੋਹ ਦੇ ਤੌਰ ਤੇ ਮਨਾ ਰਹੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕੈਬਨਿਟ ਟੀਮ ਨੇ ਅੱਜ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਇਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜਾ ਲਿਆ।
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ, ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਮੋਗਾ ਵਿਖੇ ਮੀਟਿੰਗ ਦੌਰਾਨ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਨਾਲ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ, ਐਸ.ਐਸ.ਪੀ. ਸ੍ਰੀ ਅਜੈ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੂਮਿਤਾ, ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਤੋਂ ਇਲਾਵਾ ਮੋਗਾ ਦੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।



ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਈ ਮਹੀਨਿਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਟੱਲ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ਲਈ ਵਿਆਪਕ ਤਿਆਰੀ ਕਰ ਰਹੀ ਹੈ। ਮੀਟਿੰਗ ਦੌਰਾਨ ਸ. ਬੈਂਸ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਬੁਨਿਆਦੀ ਢਾਂਚੇ, ਸਫਾਈ, ਰੋਸ਼ਨੀ, ਸੰਗਤ ਦੇ ਟਿਕਾਣੇ, ਟਰੈਫਿਕ ਅਤੇ ਸੁਰੱਖਿਆ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਤੋਂ ਪਹਿਲਾਂ ਪੂਰੇ ਕਰ ਲਏ ਜਾਣ। ਉਨ੍ਹਾਂ ਨੇ ਧਾਰਮਿਕ ਸੰਸਥਾਵਾਂ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਨਾਲ ਨਿਕਟ ਸਹਿਯੋਗ ਬਣਾਈ ਰੱਖਣ ਲਈ ਵੀ ਕਿਹਾ ਤਾਂ ਜੋ ਸਾਰੇ ਸਮਾਗਮ ਸ਼ਾਂਤੀਪੂਰਵਕ ਅਤੇ ਸ਼ਰਧਾ ਨਾਲ ਆਯੋਜਿਤ ਹੋਣ। ਸਿੱਖਿਆ ਮੰਤਰੀ ਨੇ ਪੀ.ਡਬਲਯੂ.ਡੀ, ਪੇਂਡੂ ਵਿਕਾਸ, ਸਥਾਨਕ ਸਰਕਾਰ ਅਤੇ ਟੂਰਿਜ਼ਮ ਵਿਭਾਗਾਂ ਨੂੰ ਪੂਰੀ ਤਾਲਮੇਲ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ, ਤਾਂ ਜੋ ਨਗਰ ਕੀਰਤਨਾਂ ਦੇ ਰੂਟਾਂ ਦੀ ਸੁੰਦਰਤਾ, ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਸੁਧਾਰ, ਸਫਾਈ ਪ੍ਰਬੰਧ ਅਤੇ ਪੀਣ ਵਾਲੇ ਪਾਣੀ ਅਤੇ ਪਾਰਕਿੰਗ ਦੀ ਉਚਿਤ ਸਹੂਲਤ ਯਕੀਨੀ ਬਣਾਈ ਜਾ ਸਕੇ। ਸਾਫ ਸਫਾਈ ਦੀਆਂ ਤਿਆਰੀਆਂ ਦਾ ਜਾਇਜਾ ਲਿਆ, ਨਗਰ ਕੀਰਤਨ ਅਤੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵੱਧ ਤੋਂ ਵੱਧ ਸੰਗਤ ਦੀ ਸ਼ਮੂਲੀਅਤ ਲਈ ਪ੍ਚਾਰ ਕੀਤਾ ਜਾਵੇ।
ਉਨ੍ਹਾਂ ਕਿਹਾ, “ਸਾਡਾ ਫਰਜ ਹੈ ਕਿ ਅਸੀਂ ਸੇਵਾਦਾਰ ਵਜੋਂ ਹਰ ਪੱਖ ਤੋਂ ਇਹਨਾਂ ਪਵਿੱਤਰ ਤੇ ਇਤਿਹਾਸਕ ਸਮਾਰੋਹਾਂ ਨੂੰ ਪੂਰੀ ਸ਼ਰਧਾ ਅਤੇ ਅਨੁਸ਼ਾਸਨ ਨਾਲ ਆਯੋਜਿਤ ਕਰੀਏ।” ਮੀਟਿੰਗ ਤੋਂ ਬਾਅਦ ਉਹਨਾਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਹਰ ਹੰਭਲਾ ਕਰ ਰਹੀ ਹੈ ਕਿ ਇਹ ਸ਼ਤਾਬਦੀ ਇੱਕ ਯਾਦਗਾਰ ਹੋਵੇ। ਗੁਰੂ ਸਾਹਿਬ ਦੀ ਕੁਰਬਾਨੀ ਸ਼ਹਾਦਤ ਅਤੇ ਉਹਨਾਂ ਦੀਆਂ ਸਿਖਿਆਵਾਂ ਨੂੰ ਕੁੱਲ ਜਹਾਨ ਤੱਕ ਪਹੁੰਚਾਇਆ ਜਾਵੇਗਾ। ਇਸ ਤਹਿਤ ਵੱਖਰੇ ਵੱਖਰੇ ਸਮਾਗਮ ਰੱਖੇ ਗਏ ਹਨ ਇਹਨਾਂ ਸਮਾਗਮਾਂ ਦੀ ਸ਼ੁਰੂਆਤ ਦਿੱਲੀ ਤੋਂ ਹੋਵੇਗੀ। ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਸ਼ਾਮੀ ਗੁਰਦੁਆਰਾ ਸ਼੍ਰੀ ਰਕਾਬਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਹੋਣਗੇ। 1 ਨਵੰਬਰ ਤੋਂ ਲੈ ਕੇ 18 ਨਵੰਬਰ ਤੱਕ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤੇ ਜਾਣਗੇ, ਮੋਗਾ ਵਿਖੇ ਵੀ ਅਲੌਕਿਕ ਲਾਈਟ ਐਂਡ ਸਾਊਂਡ ਸ਼ੋਅ ਹੋਵੇਗਾ ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ ਬਾਰੇ ਉਹਨਾਂ ਦੀ ਸ਼ਹਾਦਤ ਬਾਰੇ ਦੱਸਿਆ ਜਾਵੇਗਾ।
ਇਸਦੇ ਨਾਲ ਹੀ ਚਾਰ ਨਗਰ ਕੀਰਤਨ ਆਯੋਜਿਤ ਕਰਵਾਏ ਜਾਣਗੇ ਜਿਸ ਵਿੱਚੋਂ ਪਹਿਲਾ ਨਗਰ ਕੀਰਤਨ 18 ਨਵੰਬਰ ਨੂੰ ਸ਼ਾਮੀ ਸ਼੍ਰੀ ਨਗਰ ਵਿਖੇ,19 ਨਵੰਬਰ ਨੂੰ ਜੰਮੂ ਕਸ਼ਮੀਰ ਤੋਂ ਮਾਨਯੋਗ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ ਜੰਮੂ ਕਸ਼ਮੀਰ, ਸੰਤ ਮਹਾਂਪੁਰਖ ਤੇ ਹੋਰ ਰੱਬੀ ਰੂਹਾਂ ਉਹਨਾਂ ਦੀ ਰਹਿਨੁਮਾਈ ਹੇਠ ਸ਼੍ਰੀ ਨਗਰ ਤੋਂ ਨਗਰ ਕੀਰਤਨ ਸ਼ੁਰੂ ਹੁੰਦਾ ਹੋਇਆ ਵਾਇਆ ਜੰਮੂ ਪਠਾਨਕੋਟ ਹੁੰਦੇ 22 ਤਾਰੀਖ ਨੂੰ ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਦੂਸਰਾ ਨਗਰ ਕੀਰਤਨ 20 ਨਵੰਬਰ ਨੂੰ ਗੁਰਦਾਸਪੁਰ ਤੋਂ ਸ਼ੂਰੂ ਹੋਵੇਗਾ ਬਟਾਲਾ, ਬਾਬਾ ਬਕਾਲਾ ਹੁੰਦੇ ਹੋਏ, ਅੰਮ੍ਰਿਤਸਰ ਹੁੰਦੇ ਹੋਏ ਜਲੰਧਰ ਫਗਵਾੜਾ, ਨਵਾਂ ਸ਼ਹਿਰ, ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਤੀਸਰਾ ਨਗਰ ਕੀਰਤਨ ਤਖਤ ਸ਼੍ਰੀ ਦਮਦਮਾ ਸਾਹਿਬ ਤੋਂ ਆਰੰਭਿਆ ਜਾਵੇਗਾ ਤੇ ਵਾਇਆ ਬਠਿੰਡਾ, ਸੰਗਰੂਰ, ਪਟਿਆਲਾ, ਮੋਹਾਲੀ ਹੁੰਦੇ ਹੋਏ ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਚੌਥਾ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਸਵੇਰੇ 8 ਵਜੇ ਬਾਬਾ ਫਰੀਦ ਜੀ ਦੇ ਅਸਥਾਨ ਤੋਂ ਆਰੰਭ ਹੋਵੇਗਾ ਵਾਇਆ ਫਿਰੋਜਪੁਰ ਹੁੰਦੇ ਹੋਏ ਮੋਗਾ ਵਿੱਚੋਂ ਗੁਜਰੇਗਾ। ਚਾਰੋਂ ਨਗਰ ਕੀਰਤਨ 22 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਜਾਣਗੇ।
23, 24, 25 ਨਵੰਬਰ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਸਮਾਗਮ ਹੋ ਰਹੇ ਹਨ। 23 ਨੂੰ ਸਰਵ ਧਰਮ ਸੰਮੇਲਨ, ਸ਼ਾਮੀ ਤਿੰਨੋਂ ਦਿਨ ਕੀਰਤਨ ਦਰਬਾਰ ਹੋਵੇਗਾ। ਪੂਰੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਮਸ਼ਾਲਾਂ ਦੇ ਨਾਲ ਰੌਸ਼ਨ ਕੀਤਾ ਜਾਵੇਗਾ। ਤਿੰਨੋਂ ਦਿਨ ਡਰੋਨ ਸ਼ੋਅ ਵੀ ਹੋਣ ਜਾ ਰਿਹਾ ਹੈ। 25 ਤਾਰੀਖ ਨੂੰ ਸਰਬੱਤ ਦੀ ਭਲਾਈ ਲਈ ਇਕੱਤਰਤਾ ਹੋਵੇਗੀ।
ਅੰਤ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਇਹ ਪਵਿੱਤਰ ਸਮਾਰੋਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੇ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਦੀ ਪ੍ਰੇਰਣਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਲਗਨ ਨਾਲ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਸੰਗਤ ਨੂੰ ਆਤਮਕਤਾ ਅਤੇ ਪ੍ਰਬੰਧਕੀ ਸੁਚਾਰੂਪਣ ਦਾ ਵਿਲੱਖਣ ਮਿਲਾਪ ਅਨੁਭਵ ਹੋਵੇ।