ਕਿਸਾਨਾਂ ਨੂੰ ਹੁਣ ਤੱਕ 270 ਕਰੋੜ ਰੁਪਏ ਦੀ ਹੋਈ ਅਦਾਇਗੀ
ਕਿਸਾਨਾਂ ਨੂੰ ਕੀਤੀ ਅਪੀਲ ਸੁੱਕਾ ਝੋਨਾ ਹੀ ਲਿਆਓ ਮੰਡੀਆਂ ਵਿਚ
ਅੰਮ੍ਰਿਤਸਰ (ਪ੍ਰਦੀਪ) :- ਜ਼ਿਲੇ੍ ਦੀਆਂ 48 ਮੰਡੀਆਂ ਵਿਚ ਝੋਨੇ ਦੀ ਖਰੀਦ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਦਾ ਸ਼ਾਮਣਾ ਨਾ ਕਰਨਾ ਪਵੇ ਇਸ ਲਈ ਅਧਿਕਾਰੀ ਖੁਦ ਮੰਡੀਆਂ ਦੀ ਨਿਗਰਾਨੀ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 137087 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ,ਜਿਸ ਵਿਚੋ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 136736 ਮੀਟਰਕ ਟਨ ਝੋਨੇ ਦੀ ਖਰੀਦ ਕਰਕੇ ਕਿਸਾਨਾਂ ਨੂੰ 270 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਝੋਨੇ ਦਾ ਸਰਕਾਰੀ ਰੇਟ 2389 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ ਅਤੇ ਇਸ ਲਈ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ , ਤਾਂ ਜੋ ਮੰਡੀ ਵਿੱਚ ਖਰੀਦ ਲਈ ਇੰਤਜ਼ਾਰ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਵੱਲੋਂ ਪੈਦਾ ਕੀਤਾ ਗਿਆ ਇੱਕ ਇੱਕ ਦਾਣਾ ਖਰੀਦੇਗੀ ਇਸ ਲਈ ਕੋਈ ਕਾਹਲੀ ਦੀ ਲੋੜ ਨਹੀਂ, ਬਲਕਿ ਫਸਲ ਨੂੰ ਸੁਕਾ ਕੇ ਕੱਟੋ ਤਾਂ ਜੋ ਸਰਕਾਰੀ ਖਰੀਦ ਏਜੰਸੀਆਂ ਬਿਨਾਂ ਕਿਸੇ ਰੁਕਾਵਟ ਦੇ ਖਰੀਦ ਜਾਰੀ ਰੱਖ ਸਕਣ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਬਿਨਾਂ ਜਿੰਮੇਵਾਰੀ ਨਾਲ ਆਪਣੀ ਫਸਲ ਦੀ ਰਹਿੰਦ ਖੂੰਹਦ ਦਾ ਪ੍ਰਬੰਧਨ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੂਰਾ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲਾ ਖੁਰਾਕ ਤੇ ਸਪਲਾਈ ਅਧਿਕਾਰੀ ਸ: ਅਮਨਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਏਜੰਸੀ ਵਲੋ 56517 ਮੀਟਰਕ ਟਨ, ਮਾਰਕਫੈਡ ਵਲੋ 38535 ਮੀਂਟਰਕ ਟਨ, ਪਨਸਪ ਵਲੋ 20870 ਮੀਟਰਕ ਟਨ, ਪੰਜਾਬ ਸਟੇਟ ਵੇਅਰਹਾਊਸ ਵਲੋ 18803 ਮੀਟਰਕ ਟਨ ਅਤੇ ਪ੍ਰਾਈਵੇਟ ਏਜੰਸੀਆਂ ਵਲੋ 2011 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸਾਨਾਂ ਨੂੰ ਮਿਥੇ ਸਮੇਂ ਦੇ ਅੰਦਰ-ਅੰਦਰ ਝੋਨੇ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਅੰਦਰ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੇ।