ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿਲ੍ਹਾ, ਹਲਕਾ, ਬਲਾਕ ਪ੍ਰਧਾਨਾਂ ਤੇ ਪਿੰਡ ਪੱਧਰੀਆਂ ਕਮੇਟੀਆਂ ਨਾਲ ਵਿਸ਼ੇਸ਼ ਮੀਟਿੰਗ
ਕਿਹਾ !ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹੁਣ ਤੱਕ ਦੇ ਨਤੀਜੇ ਸ਼ਲਾਘਾਯੋਗ
ਮੋਗਾ (ਵਿਮਲ) :- ਪੰਜਾਬ ਸਰਕਾਰ ਵੱਲ਼ੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਢੀ ਗਈ ਹੈ ਜਿਸ ਦੇ ਚਲਦਿਆ ਨਸ਼ਾ ਮੁਕਤੀ ਮੋਰਚਾ ਤਹਿਤ ਪਿੰਡਾਂ/ਕਸਬਿਆਂ/ਸ਼ਹਿਰਾਂ ਵਿੱਚ ਲੋਕਾਂ ਨੂੰ ਨਸ਼ਿਆ ਵਿਰੁੱਧ ਲਾਮਬੰਦ ਕੀਤਾ ਹੈ। ਸੂਬੇ ’ਚੋਂ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਿਲੇਜ਼ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਤੇ ਵਾਰਡ ਡਿਫੈਂਸ ਕਮੇਟੀਆਂ ਗਠਿਤ ਕੀਤੀਆਂ ਹਨ, ਜੋ ਪਿੰਡਾਂ ਵਿਚ ਨਸ਼ੇ ਦੇ ਵਿਰੁੱਧ ਕੰਮ ਕਰ ਰਹੀਆਂ ਹਨ। ਇਹਨਾਂ ਕਮੇਟੀਆਂ ਨੂੰ ਹੋਰ ਬਲ ਦੇਣ ਲਈ ਸਰਕਾਰ ਵੱਲੋਂ ਇਹਨਾਂ ਨੂੰ ਸਿੱਧਾ ਪੁਲਿਸ ਪ੍ਰਸ਼ਾਸ਼ਨ, ਸਿਵਲ ਪ੍ਰਸ਼ਾਸ਼ਨ ਨਾਲ ਜੋੜਿਆ ਗਿਆ ਹੈ ਤਾਂ ਕਿ ਨਸ਼ਿਆਂ ਬਾਰੇ ਸੂਚਨਾ ਮਿਲਣ ਤੇ ਤੁਰੰਤ ਪ੍ਰਭਾਵ ਨਾਲ ਪ੍ਰਭਾਵਸ਼ਾਲੀ ਕਾਰਵਾਈ ਆਰੰਭੀ ਜਾ ਸਕੇ। ਪੰਜਾਬ ਸਰਕਾਰ ਨੇ ਇਸ ਮੁਹਿੰਮ ਜਰੀਏ ਜਿਹੜੀਆਂ ਵੀ ਉਪਲੱਬਧੀਆਂ ਹਾਸਲ ਕੀਤੀਆਂ ਹਨ ਸਭ ਸ਼ਲਾਘਾਯੋਗ ਹਨ ਪੰਜਾਬ ਸਰਕਾਰ ਇਸ ਪੱਖੋਂ ਵਧਾਈ ਦੀ ਪਾਤਰ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਮੋਗਾ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਵਾਰਡ ਡਿਫੈਂਸ ਕਮੇਟੀਆਂ ਨਾਲ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਮੇਟੀਆਂ ਨੂੰ ਨਿਰਪੱਖ ਹੋ ਕੇ ਇਸ ਜੰਗ ਵਿੱਚ ਆਪਣਾ ਰੋਲ ਅਦਾ ਕਰਨ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਸਭ ਤੋਂ ਵਧੀਆ ਕੰਮ ਕਰਨ ਵਾਲੀਆਂ ਕਮੇਟੀਆਂ ਨੂੰ ਵਿਸ਼ੇਸ਼ ਮਾਨ ਸਨਮਾਨ ਵੀ ਦਿੱਤਾ ਜਾਵੇਗਾ।

ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ ਜਿਸ ਦੇ ਵਧੀਆ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਮੋਗਾ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਤੇ ਜਿਲ੍ਹੇ ਦੀਆਂ ਪੇਂਡੂ ਰੱਖਿਆ ਕਮੇਟੀਆਂ, ਵਾਰਡ ਰੱਖਿਆ ਕਮੇਟੀਆਂ ਦੀ ਪ੍ਰਸ਼ੰਸ਼ਾ ਕੀਤੀ, ਜਿੰਨਾ ਨੇ ਇਸ ਮੁਹਿੰਮ ਵਿੱਚ ਉਸਾਰੂ ਰੋਲ ਅਦਾ ਕਰਕੇ ਨਸ਼ਿਆਂ ਦੇ ਖਾਤਮੇ ਵੱਲ ਕਦਮ ਚੁੱਕਿਆ ਹੈ, ਜਿਸ ਤਹਿਤ ਵੱਡੀ ਪੱਧਰ ਤੇ ਗ੍ਰਿਫਤਾਰੀਆਂ, ਨਸ਼ਿਆਂ ਦੀ ਰਿਕਵਰੀ, ਨਸ਼ਾ ਤਸਕਰਾਂ ਦੇ ਘਰ ਢਾਹੁਣ ਵਰਗੀਆਂ ਕਾਰਵਾਈਆਂ ਤੋਂ ਇਲਾਵਾ ਨਸ਼ਿਆਂ ਦੇ ਸ਼ਿਕਾਰ ਲੋਕਾਂ ਦੇ ਪੁਨਰਵਾਸ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਹੁਣ ਅੰਜਾਮ ਤੇ ਲਿਜਾਣ ਲਈ ਸਿਵਲ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ ਤੇ ਪੇਂਡੂ ਰੱਖਿਆ ਕਮੇਟੀਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਮੋਗਾ ਜਿਲ੍ਹੇ ਵਿੱਚ ਕੁੱਲ 470 ਪੇਂਡੂ/ਵਾਰਡ ਰੱਖਿਆ ਕਮੇਟੀਆਂ ਸਥਾਪਿਤ ਕੀਤੀਆਂ ਗਈਆਂ ਹਨ ਤੇ 4802 ਇਹਨਾਂ ਵਿੱਚ ਬਤੌਰ ਮੈਂਬਰ ਆਪਣਾ ਕੰਮ ਕਰ ਰਹੇ ਹਨ। ਮੋਗਾ ਵਿੱਚ 7 ਵੱਡੇ ਨਸ਼ਾ ਤਸਕਰਾਂ ਦੇ ਨਜਾਇਜ ਘਰਾਂ ਨੂੰ ਢਾਹੁਣ ਦੇ ਨਾਲ ਨਾਲ ਵੱਡੇ ਪੱਧਰ ਤੇ ਪਰਚੇ ਤੇ ਗ੍ਰਿਫਤਾਰੀਆਂ ਵੀ ਕੀਤੀਆਂ ਗਈਆਂ ਹਨ। ਉਹਨਾਂ ਮੋਗਾ ਦੇ ਡੀ ਐਡੀਕਸ਼ਨ ਸੈਂਟਰ ਨੂੰ ਮਾਡਲ ਡੀ ਐਡੀਕਸ਼ਨ ਸੈਂਟਰ ਸੰਬੋਧਨ ਕਰਕੇ ਇਸਦੀ ਸ਼ਲਾਘਾ ਕੀਤੀ, ਕਿਉਂਕਿ ਇਸ ਜਰੀਏ ਨੌਜਵਾਨਾਂ ਨੂੰ ਨਸ਼ਿਆਂ ਵਿੱਚੋਂ ਕੱਢ ਕੇ ਰੋਜਗਾਰ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਅਤੇ ਇਨ੍ਹਾਂ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਖਾਤਮੇ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਦੇ ਖਾਤਮੇ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮਾਲਵਾ ਜੋਨ ਦੇ ਇੰਚਾਰਜ ਸ. ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਨਸ਼ਿਆਂ ਨੇ ਹੁਣ ਤੱਕ ਸਮਾਜ ਦਾ ਜਾਨੀ, ਮਾਲੀ ਤੇ ਸਮਾਜਿਕ ਪੱਧਰ ਤੇ ਨੁਕਸਾਨ ਕੀਤਾ ਹੈ ਤੇ ਸਾਨੂੰ ਸਾਰਿਆਂ ਨੂੰ ਇਸ ਦੇ ਖਾਤਮੇ ਲਈ ਇੱਕਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਪਿੰਡ, ਵਾਰਡ ਪੱਧਰ ਤੇ ਟੀਮਾਂ ਦਾ ਗਠਨ ਹੋ ਚੁੱਕਾ ਹੈ ਤੇ ਸਾਨੂੰ ਇਸ ਦੇ ਵਧੀਆ ਨਤੀਜੇ ਦੇਣੇ ਚਾਹੀਦੇ ਹਨ ਤਾਂ ਜੋ ਇਸ ਅਲਾਮਤ ਨੂੰ ਜੜ੍ਹੋ ਖਤਮ ਕੀਤਾ ਜਾ ਸਕੇ।ਮੁਹਿੰਮ ਦੇ ਜਿਲ੍ਹਾ ਕੁਆਰਡੀਨੇਟਰ ਦੀਪ ਦਾਰਾਪੁਰ ਨੇ ਜਿਲ੍ਹੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਜਾਗਰਕੂਤਾ ਮੁਹਿੰਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਐਸ.ਐਸ.ਪੀ. ਅਜੈ ਗਾਂਧੀ ਨੇ ਮੋਗਾ ਪੁਲਿਸ ਵੱਲੋਂ ਇਸ ਮੁਹਿੰਮ ਵਿੱਚ ਪਾਏ ਯੋਗਦਾਨ ਬਾਰੇ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਡਿਫੈਂਸ ਕਮੇਟੀਆਂ ਦੇ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਤੋਂ ਜਾਣਕਾਰੀ ਲੈਣਗੇ। ਇਸ ਮੌਕੇ ਮੇਅਰ ਨਗਰ ਨਿਗਮ ਮੋਗਾ ਬਲਜੀਤ ਸਿੰਘ ਚਾਨੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਜ਼ਿਲ੍ਹਾ ਮੀਡੀਆ ਸੈਕਟਰੀ ਅੰਮ੍ਰਿਤਪਾਲ ਸਿੰਘ, ਸਮੂਹ ਹਲਕਾ ਕੋਆਰਡੀਨੇਟਰ, ਮੁੱਖ ਮੰਤਰੀ ਫੀਲਡ ਅਫ਼ਸਰ ਗਗਨਦੀਪ ਸਿੰਘ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ. ਬਾਘਾਪੁਰਾਣਾ ਬੇਅੰਤ ਸਿੰਘ ਸਿੱਧੂ, ਐਸ.ਡੀ.ਐਮ. ਸਵਾਤੀ ਤੋਂ ਇਲਾਵਾ ਹੋਰ ਹਾਜ਼ਰ ਸਨ।
JiwanJotSavera