ਪਿੰਡਾਂ ਵਿੱਚ ਪੁੱਜ ਖੁਦ ਬੁਝਵਾ ਰਹੇ ਪਰਾਲੀ ਨੂੰ ਲਗਾਈਆਂ ਜਾ ਰਹੀਆਂ ਅੱਗਾਂ
ਮੋਗਾ (ਵਿਮਲ) :- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਇਸਦੇ ਸੁਚੱਜੇ ਪ੍ਰਬੰਧਨ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਲਗਾਤਾਰ ਕੰਮ ਕਰ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਪੱਧਰੀ ਨੁਮਾਇੰਦੇ, ਖੇਤੀਬਾੜੀ ਵਿਭਾਗਾਂ ਸਮੇਤ ਨੋਡਲ ਅਫ਼ਸਰ, ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਫੀਲਡ ਵਿੱਚ ਜਾ ਕੇ ਲਗਾਤਾਰ ਇਸ ਖੇਤਰ ਵਿੱਚ ਕਾਰਜ਼ ਕਰ ਰਹੀਆਂ ਹਨ ਤਾਂ ਕਿ ਜ਼ਿਲ੍ਹੇ ਨੂੰ ਜੀਰੋ ਸਟੱਬਲ ਬਰਨਿੰਗ ਜ਼ਿਲ੍ਹਾ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਅਤੇ ਐਸ ਐਸ ਪੀ ਸ਼੍ਰੀ ਅਜੈ ਗਾਂਧੀ ਪਰਾਲੀ ਜਲਾਉਣ ਦੇ ਹਾਟਸਪਾਟ ਸਥਾਨਾਂ ਦਾ ਲਗਾਤਾਰ ਖੁਦ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ। ਇਸਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਨੇ ਨੱਥੂਵਾਲਾ ਗਰਬੀ, ਹਰੀਏਵਾਲਾ, ਲੰਡੇ, ਵੈਰੋਕੇ, ਮਾੜੀ ਮੁਤਸਫ਼ਾ, ਸੇਖਾ ਕਲਾਂ, ਸਮਾਲਸਰ, ਸੰਗਤਪੁਰਾ, ਸਮਾਧ ਭਾਈ, ਭਲੂਰ, ਘੋਲੀਆ ਕਲਾਂ ਆਦਿ ਹਾਟਸਪਾਟ ਪਿੰਡਾਂ ਦੇ ਖੇਤਾਂ ਵਿੱਚ ਖੁਦ ਦੌਰੇ ਕਰਕੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਨੂੰ ਲਗਾਈਆਂ ਜਾ ਰਹੀਆਂ ਅੱਗਾਂ ਨੂੰ ਰੋਕਿਆ। ਇਸ ਮੌਕੇ ਉਹਨਾਂ ਨਾਲ ਐਸ ਡੀ ਐਮ ਬਾਘਾਪੁਰਾਣਾ ਸ੍ਰ ਬੇਅੰਤ ਸਿੰਘ ਸਿੱਧੂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਵੱਲ ਮੋੜਨ ਲਈ ਜ਼ਿਲ੍ਹਾ ਪ੍ਰਸਾਸ਼ਨ ਪੁਰਜੋਰ ਕੋਸ਼ਿਸ਼ ਕਰ ਰਿਹਾ ਹੈ। ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਰੀ ਦੀ ਕਿਸਾਨਾਂ ਤੱਕ ਆਸਾਨੀ ਨਾਲ ਪਹੁੰਚ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਕਿ ਸੰਦਾਂ ਦੀ ਘਾਟ ਕਾਰਨ ਕੋਈ ਵੀ ਕਿਸਾਨ ਪਰਾਲੀ ਨਾ ਜਲਾਏ।

ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਵਿੱਚ ਬੁਰੀ ਤਰ੍ਹਾਂ ਪ੍ਰਦੂਸ਼ਣ ਫੈਲਦਾ ਹੈ, ਉਥੇ ਧੂੰਏ ਕਾਰਣ ਸੜਕਾਂ ਤੇ ਕਈਂ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਭਿਆਨਕ ਬਿਮਾਰੀਆਂ ਵੀ ਫੈਲਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ (ਮੱਲੜ) ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਵੀ ਨਸ਼ਟ ਹੋ ਜਾਂਦਾ ਹੈ। ਉਹਨਾਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਹੀ ਵਾਹ ਕੇ ਇਸ ਦੀਆਂ ਗੱਠਾਂ ਬਣਵਾਂ ਕੇ ਇਸਦੀ ਸੁਚੱਜੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਪਾ ਸਕਣ। ਐਸ ਐਸ ਪੀ ਅਜੈ ਗਾਂਧੀ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਸਿਵਲ ਪ੍ਰਸ਼ਾਸ਼ਨ ਨਾਲ ਮਿਲ ਕੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਠੱਲ੍ਹ ਪਾਉਣ ਲਈ ਦਿਨ ਰਾਤ ਕੰਮ ਕਰ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਪਰੀਤ ਸਿੰਘ ਅਤੇ ਖ਼ੇਤੀਬਾੜੀ ਅਫਸਰ ਸੁਖਰਜ ਕੌਰ ਨੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਅਤੇ ਸਰਕਾਰੀ ਸਹਾਇਤਾ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਪਰਾਲ਼ੀ ਨੂੰ ਅੱਗ ਲਾਉਣ ਨਾਲ ਵਾਤਾਵਰਣ , ਜ਼ਮੀਨ , ਮਨੁੱਖੀ ਜੀਵਣ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਜਿਕਰਯੋਗ ਹੈ ਕਿ ਮੌਜੂਦਾ ਸਾਲ ਦੌਰਾਨ ਕਿਸਾਨਾਂ ਨੂੰ 337 ਆਧੁਨਿਕ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 4900 ਦੇ ਕਰੀਬ ਮਸ਼ੀਨਰੀ ਪਹਿਲਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਕੋਲ ਉਪਲੱਬਧ ਹਨ।ਜ਼ਿਲ੍ਹੇ ਦੇ 40 ਪਿੰਡਾਂ ਵਿੱਚ 74 ਏਕੜ ਜਮੀਨ ਅੰਦਰ ਝੋਨੇ ਦੀ ਪਰਾਲੀ ਦੀਆਂ ਗੱਠਾਂ ਸਾਂਭਣ ਲਈ ਸਟੋਰੇਜ ਥਾਵਾਂ ਬਣਾਈਆਂ ਗਈਆਂ ਹਨ। ਪਰਾਲੀ ਸਾੜਨ ਦੀਆਂ ਘਟਨਾਵਾਂ ਉਪਰ ਨਜਰਸਾਨੀ ਤੇ ਕਾਰਵਾਈ ਲਈ ਜ਼ਿਲ੍ਹੇ ਵਿੱਚ 27 ਕਲੱਸਟਰ ਅਫ਼ਸਰ ਤੇ 152 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਪਰਾਲੀ ਪ੍ਰੋਟੈਕਟਸ਼ਨ ਫੋਰਸ ਦੀਆਂ 9 ਟੀਮਾਂ ਵੀ ਲਗਾਤਾਰ ਕਾਰਜਸ਼ੀਲ ਹਨ।
JiwanJotSavera