ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਸ਼ਿਕਾਇਤ ਨਿਵਾਰਣ ਕੈਂਪ

ਕਮਿਸ਼ਨ ਦੀ ਮੈਂਬਰ ਪ੍ਰੀਤੀ ਭਾਰਦਵਾਜ ਦਲਾਲ ਨੇ ਵੱਖ-ਵੱਖ ਖੇਤਰਾਂ ਤੋਂ ਆਈਆਂ ਅਰਜ਼ੀਆਂ ਦੀ ਕੀਤੀ ਸੁਣਵਾਈ
ਕਿਹਾ, ਬਾਲ ਮਜ਼ਦੂਰੀ ਅਤੇ ਬਾਲ ਵਿਆਹ ਕਰਵਾਉਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ
ਜ਼ਿਲ੍ਹਾ ਪ੍ਰਸ਼ਾਸਨ ਨੂੰ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਸਹੂਲਤਾਂ ਲਈ ਵੱਧ ਤੋਂ ਵੱਧ ਕੈਂਪ ਲਾਉਣ ਦਾ ਸੱਦਾ

ਮੋਗਾ (ਕਮਲ) :- ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਪ੍ਰੀਤੀ ਭਾਰਦਵਾਜ ਦਲਾਲ ਨੇ ਕਿਹਾ ਹੈ ਕਿ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਦ੍ਰਿੜ ਵਚਨਬੱਧ ਹੈ ਅਤੇ ਬਾਲ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ 0-18 ਸਾਲ ਉਮਰ ਤੱਕ ਦੇ ਬੱਚਿਆਂ ਲਈ ਲਾਏ ਗਏ ਵਿਸ਼ੇਸ਼ ਬੈਂਚ ਦੌਰਾਨ ਜ਼ਿਲ੍ਹੇ ਨਾਲ ਸਬੰਧਿਤ ਬਾਲ ਅਧਿਕਾਰਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਅਤੇ ਬੱਚਿਆਂ ਨੂੰ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸਮੀਖਿਆ ਕਰਦਿਆਂ ਸੁਣਵਾਈ ਉਪਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਇਸ ਮੌਕੇ ਉਹਨਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਬਾਲ ਮਜ਼ਦੂਰੀ ਅਤੇ ਬਾਲ ਵਿਆਹ ਕਰਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਉਥੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬਾਲ ਅਧਿਕਾਰਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਵਿਸ਼ੇਸ਼ ਕੈਂਪ ਲਗਾਏ ਜਾਣ ਅਤੇ ਮੌਕੇ ਤੇ ਹੀ ਉਨਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ, ਐੱਸ ਡੀ ਐੱਮ ਹਰਕੰਵਲਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਕਮਿਸ਼ਨ ਵਲੋਂ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਜ਼ਿਲ੍ਹੇ ਭਰ ਚੋਂ ਵੱਡੀ ਗਿਣਤੀ ਵੀ ਬੱਚੇ ਆਪਣੇ ਮਾਪਿਆਂ ਨਾਲ ਪਹੁੰਚੇ ਹੋਏ ਸਨ।

ਜਿਥੇ ਕਮਿਸ਼ਨ ਨੇ ਮੌਕੇ ਤੇ ਹੀ ਇਨਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਅਤੇ ਹਦਾਇਤ ਕੀਤੀ ਕਿ ਬਿਨੈਕਾਰਾਂ ਦੇ ਮਾਮਲਿਆਂ ਦਾ ਢੁਕਵਾਂ ਨਿਪਟਾਰਾ ਕੀਤਾ ਜਾਵੇ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਕਾਰਵਾਈ ਕਰਕੇ ਡਿਪਟੀ ਕਮਿਸ਼ਨਰ ਰਾਹੀਂ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਨੂੰ ਵਿਸ਼ੇਸ਼ ਕੈਂਪ ਲਗਾ ਕੇ ਬੱਚਿਆਂ ਤੱਕ ਆਪਣੀ ਪਹੁੰਚ ਬਣਾਉਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਕੋਵਿਡ ਦੌਰਾਨ ਕਈ ਬੱਚਿਆਂ ਦੇ ਮਾਪੇ ਨਹੀਂ ਰਹੇ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਇਨਾਂ ਬੱਚਿਆਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਂਦੀਆਂ ਸਹੂਲਤਾਂ ਮੁਹੱਈਆ ਕਰਵਾਈਏ। ਉਨਾਂ ਕਿਹਾ ਕਿ ਅੱਜ ਦੇਖਣ ਵਿੱਚ ਆਇਆ ਹੈ ਕਿ ਬਹੁਤੇ ਬੱਚੇ ਇਸ ਕੈਂਪ ਵਿੱਚ ਆਪਣਾ ਆਧਾਰ ਕਾਰਡ, ਦਿਵਿਆਂਗਤਾ ਸਰਟੀਫਿਕੇਟ ਨਾ ਬਣਨ ਦੀ ਸੂਰਤ ਵਿੱਚ ਇੱਥੇ ਪਹੁੰਚੇ ਹਨ। ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਇਨਾਂ ਬੱਚਿਆਂ ਦੇ ਮੌਕੇ ਤੇ ਹੀ ਆਧਾਰ ਕਾਰਡ ਬਣਾਏ ਜਾਣ। ਜਿਸ ਤੇ ਅਮਲ ਕਰਦੇ ਹੋਏ ਕਈ ਬੱਚਿਆਂ ਦੇ ਮੌਕੇ ਤੇ ਹੀ ਆਧਾਰ ਕਾਰਡ ਜਨਰੇਟ ਕੀਤੇ ਗਏ। ਪ੍ਰੀਤੀ ਭਾਰਦਵਾਜ ਦਲਾਲ ਨੇ ਪੂਰੀ ਸੰਜੀਦਗੀ ਨਾਲ ਆਏ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨਾਲ ਸਬੰਧਿਤ ਅਰਜ਼ੀਆਂ ’ਤੇ ਵਿਚਾਰ ਕਰਦਿਆਂ ਪ੍ਰਸ਼ਾਸਨ ਨੂੰ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹੀ ਬੱਚਿਆਂ ਲਈ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁੱਖ ਤੌਰ ’ਤੇ ਬੱਚਿਆਂ ਦੇ ਬਹੁਤੇ ਮਸਲੇ ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਖੁਰਾਕ ਤੇ ਸਿਵਲ ਸਪਲਾਈਜ਼, ਆਧਾਰ ਕਾਰਡ, ਸੇਵਾ ਕੇਂਦਰਾਂ ਆਦਿ ਨਾਲ ਸਬੰਧਿਤ ਹਨ, ਜਿਨ੍ਹਾਂ ਦੇ ਅਧਿਕਾਰੀ ਇਨ੍ਹਾਂ ਅਰਜ਼ੀਆਂ ਨੂੰ ਫੌਰੀ ਤੌਰ ’ਤੇ ਨਿਪਟਾਉਣ। ਉਨ੍ਹਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਨੂੰ ਵਿਭਾਗ ਦੇ ਜ਼ਿਲ੍ਹੇ ਵਿਚ ਨੋਡਲ ਅਧਿਕਾਰੀ ਨੂੰ ਅਜਿਹੇ ਮਾਮਲਿਆਂ ਦੀ ਨਿਯਮਿਤ ਸਮੀਖਿਆ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਮੀਖਿਆ ਉਪਰੰਤ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਅਗਲੇਰੀ ਕਾਰਵਾਈ ਨੂੰ ਅਮਲ ਵਿਚ ਲਿਆਉਣਾ ਯਕੀਨੀ ਬਣਾਇਆ ਜਾਵੇ। ਐੱਸ ਡੀ ਐੱਮ ਹਰਕੰਵਲਜੀਤ ਸਿੰਘ ਨੇ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ਪਿੰਡਾਂ ਵਿਚ ਲਾਏ ਜਾਂਦੇ ਕੈਂਪਾਂ ਦੀ ਲੜੀ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇਨ੍ਹਾਂ ਕੈਂਪਾਂ ਵਿਚ ਬਾਲ ਅਧਿਕਾਰਾਂ ਦੀ ਉਲੰਘਣਾ ਦੇ ਕੇਸਾਂ ਅਤੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਕੈਂਪ ਲਗਾ ਕੇ ਲੋਕਾਂ ਨੂੰ ਬੱਚਿਆਂ ਲਈ ਚਲਾਈਆਂ ਜਾਂਦੀਆਂ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰ ਗੁਲਬਹਾਰ ਸਿੰਘ ਤੂਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ, ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਇੰਦਰਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

कृषि मंत्रालय ने दक्षिणी राज्यों में कृषि योजनाओं के कार्यान्वयन की मध्यावधि समीक्षा की

दिल्ली (ब्यूरो) :- आंध्र प्रदेश के विशाखापत्तनम में 18 और 19 नवंबर को कृषि एवं …

Leave a Reply

Your email address will not be published. Required fields are marked *