ਰੁੱਖ ਲਗਾ ਕੇ ਹਰਿਆਲੀ ਵਧਾਉਣ ਲਈ ਸੈਮੀਨਾਰਾਂ ਰਾਹੀਂ ਫੈਲਾਈ ਜਾ ਰਹੀ ਜਾਗਰੂਕਤਾ
ਮੋਗਾ (ਕਮਲ) :- ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ- ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਨੇਚਰ ਪਾਰਕ ਮੋਗਾ ਵਿਖੇ ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵਣ ਵਿਭਾਗ ਦੇ ਬਲਾਕ ਅਫਸਰ ਕੰਵਲਨੈਨ ਸਿੰਘ ਅਤੇ ਸੀਨੀਅਰ ਸਿਟੀਜਨ ਜਗਦੀਪ ਸਿੰਘ ਢਿੱਲੋਂ, ਬਲਵੰਤ ਸਿੰਘ, ਗੁਰਸੇਵਕ ਸਿੰਘ, ਹਰਬੰਸ ਸਿੰਘ, ਵਿਕਰਮਜੀਤ ਸਿੰਘ, ਵਿਜੇ ਸ਼ਰਮਾ, ਗਿਆਨ ਸਿੰਘ, ਦਲਜੀਤ ਸਿੰਘ ਭੁੱਲਰ, ਲਾਲ ਚੰਦ ਸਿੰਘ ਅਰੋੜਾ, ਅਮਰ ਸਿੰਘ, ਧਰਮਪਾਲ ਸਿੰਘ ਅਤੇ ਸਰਦਾਰੀ ਲਾਲ ਵੱਲੋਂ ਵੀ ਬੂਟੇ ਲਗਾਏ ਗਏ। ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਦੇ ਤਹਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।